ਪੰਜਾਬ ਵਿਧਾਨ ਸਭਾ ਸਪੀਕਰ ਸੰਧਵਾਂ ਨੇ ਨਵੇਂ ਚੁਣੇ ਵਿਧਾਇਕਾਂ ਨੂੰ ਮੁੱਖ ਮੰਤਰੀ ਦੀ ਮੌਜੂਦਗੀ ਵਿੱਚ ਸਹੁੰ ਚੁਕਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਅਤੇ ਸਦਨ ਦੇ ਨੇਤਾ ਸ. ਭਗਵੰਤ ਸਿੰਘ ਮਾਨ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਤੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਚੱਬੇਵਾਲ, ਡੇਰਾ ਬਾਬਾ ਨਾਨਕ ਅਤੇ ਗਿੱਦੜਬਾਹਾ ਵਿਧਾਨ ਸਭਾ ਹਲਕਿਆਂ ਤੋਂ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਵਿਧਾਇਕਾਂ ਨੂੰ ਸਹੁੰ ਚੁਕਾਈ।

ਸਹੁੰ ਚੁੱਕ ਸਮਾਗਮ ਪੰਜਾਬ ਵਿਧਾਨ ਸਭਾ ਦੇ ਮੈਂਬਰ ਲੌਂਜ ਵਿਖੇ ਹੋਇਆ, ਜਿੱਥੇ ਚੱਬੇਵਾਲ ਤੋਂ ਆਮ ਆਦਮੀ ਪਾਰਟੀ ਦੇ ਚੁਣੇ ਗਏ ਉਮੀਦਵਾਰ ਡਾ. ਇਸ਼ਾਂਕ ਕੁਮਾਰ ਚੱਬੇਵਾਲ, ਡੇਰਾ ਬਾਬਾ ਨਾਨਕ ਤੋਂ ਸ. ਗੁਰਦੀਪ ਸਿੰਘ ਰੰਧਾਵਾ ਅਤੇ ਗਿੱਦੜਬਾਹਾ ਤੋਂ ਵਿਧਾਇਕ ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਵਿਧਾਇਕ ਵਜੋਂ ਸਹੁੰ ਚੁੱਕੀ।

ਪੰਜਾਬ ਵਿਧਾਨ ਸਭਾ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਹਲਕਾ ਵਿਧਾਇਕਾਂ ਨੂੰ ਹਾਲ ਹੀ ਵਿੱਚ ਹੋਈਆਂ ਜ਼ਿਮਨੀ ਚੋਣਾਂ ਵਿੱਚ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ। ਨਵ-ਨਿਯੁਕਤ ਵਿਧਾਇਕਾਂ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਕਈ ਪਤਵੰਤੇ ਵੀ ਮੌਜੂਦ ਸਨ।

ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਵਿਅਕਤੀਆਂ ਵਿੱਚ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜਲ ਸਰੋਤ, ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ, ਮਾਲ ਤੇ ਮੁੜ ਵਸੇਬਾ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ, ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ, ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਬਟਾਲਾ ਅਤੇ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ੍ਰੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਬੱਸੀ ਪਠਾਣਾ ਦੇ ਵਿਧਾਇਕ ਸ. ਰੁਪਿੰਦਰ ਸਿੰਘ, ਧਰਮਕੋਟ ਦੇ ਵਿਧਾਇਕ ਸ. ਦਵਿੰਦਰ ਸਿੰਘ ਲਾਡੀ ਢੋਸ, ਬੱਲੂਆਣਾ ਦੇ ਵਿਧਾਇਕ ਸ. ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਨਵਾਂ ਸ਼ਹਿਰ ਦੇ ਵਿਧਾਇਕ ਸ੍ਰੀ ਨਛੱਤਰ ਪਾਲ ਤੋਂ ਇਲਾਵਾ ਮੁੱਖ ਸਕੱਤਰ ਸ੍ਰੀ ਕੇ.ਏ.ਪੀ.ਸਿਨਹਾ, ਐਡਵੋਕੇਟ ਜਨਰਲ ਪੰਜਾਬ ਸ੍ਰੀ ਗੁਰਮਿੰਦਰ ਸਿੰਘ ਸਮੇਤ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ। ਸਮਾਗਮ ਦੀ ਕਾਰਵਾਈ ਸਕੱਤਰ ਪੰਜਾਬ ਵਿਧਾਨ ਸਭਾ ਸ੍ਰੀ ਰਾਮ ਲੋਕ ਖਟਾਣਾ ਨੇ ਚਲਾਈ।

Leave a Reply

Your email address will not be published. Required fields are marked *