ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਤਰੱਕੀ ਤੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ- ਡਾ. ਬਲਜੀਤ ਕੌਰ

ਅੰਤਰਰਾਸ਼ਟਰੀ ਦਿਵਿਆਂਗ ਦਿਵਸ 2024 ਦੇ ਸਬੰਧ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਅੱਜ ਨਹਿਰੂ ਸਟੇਡੀਅਮ ਵਿਖੇ ਰਾਜ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਡਾਇਰੈਕਟਰ ਸ਼ੇਨਾ ਅਗਰਵਾਲ, ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ, ਐਸ.ਐਸ.ਪੀ ਡਾ. ਪ੍ਰੱਗਿਆ ਜੈਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।

 ਇਸ ਮੌਕੇ ਸਮੁੱਚੇ ਸੂਬੇ ਤੋਂ ਪਹੁੰਚੇ ਦਿਵਿਆਂਗਜਨਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਿਵਿਆਂਗਜਨਾਂ ਤੇ ਹੋਰ ਕਮਜ਼ੋਰ ਤਬਕਿਆਂ ਦੀ ਤਰੱਕੀ ਤੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਸਹੂਲਤ ਲਈ ਜਿੱਥੇ ਰੁਜ਼ਗਾਰ ਦੇ ਵੱਡੀ ਪੱਧਰ ਤੇ ਸਾਧਨ ਮੁਹੱਈਆ ਕਰਵਾਏ ਜਾ ਰਹੇ ਹਨ ਉੱਥੇ ਹੀ ਉਨ੍ਹਾਂ ਨੂੰ ਸਰਕਾਰੀ ਤੇ ਪ੍ਰਾਈਵੇਟ ਅਦਾਰਿਆਂ ਵਿੱਚ ਨੌਕਰੀਆਂ ਵਿੱਚ ਉਨ੍ਹਾਂ ਦਾ ਬਣਦਾ ਕੋਟਾ ਹਰ ਹਾਲਤ ਵਿੱਚ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਮਗਨਰੇਗਾ ਵਿੱਚ ਕੋਟੇ ਅਨੁਸਾਰ ਮੇਟਾ ਦੀ ਨਿਯੁਕਤੀ ਵੀ ਕੀਤੀ ਜਾਵੇਗੀ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਸਹੂਲਤ ਲਈ ਰੁਜ਼ਗਾਰ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਕਸਦ ਲਈ ਕੰਪਨੀਆਂ ਨੂੰ ਸੱਦਾ ਦਿੱਤਾ ਗਿਆ ਹੈ ਤਾਂ ਜੋ ਦਿਵਿਆਂਗਜਨ ਜੋ ਆਪਣੀ ਕਾਬਲੀਅਤ ਦੇ ਸਿਰ ਤੇ ਪੜ੍ਹ ਕੇ ਅੱਗੇ ਆਏ ਹਨ ਨੌਕਰੀਆਂ ਪ੍ਰਾਪਤ ਕਰ ਸਕਣ । ਉਨ੍ਹਾਂ ਕਿਹਾ ਕਿ ਇਸ ਦੁਨੀਆ ਤੇ ਕੋਈ ਵੀ ਇਨਸਾਨ ਸੰਪੂਰਨ ਨਹੀਂ ਹੈ ਸਾਡੇ ਸਾਰਿਆਂ ਵਿੱਚ ਕੋਈ ਨਾ ਕੋਈ ਕਮੀ ਜ਼ਰੂਰ ਹੁੰਦੀ ਹੈ । ਪੰਜਾਬ ਸਰਕਾਰ ਦਾ ਉਪਰਾਲਾ ਹੈ ਕਿ ਦਿਵਿਆਂਗਜਨਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਜਾਵੇ ਅਤੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦਾ ਮਨੋਬਲ ਉੱਚਾ ਕਰਨ ਲਈ ਯਤਨਸ਼ੀਲ ਹੈ । ਉਨ੍ਹਾਂ ਕਿਹਾ ਕਿ ਸਰੀਰਕ ਦਿਵਿਆਂਗਤਾ ਮਨੁੱਖ ਨੂੰ ਕਮਜ਼ੋਰ ਨਹੀਂ ਕਰਦੀ ਸਗੋਂ ਜਦੋਂ ਸਾਡਾ ਮਨ ਕਮਜ਼ੋਰ ਹੋ ਜਾਂਦਾ ਹੈ ਉਦੋਂ ਅਸੀਂ ਦਿਵਿਆਂਗ ਹੋ ਜਾਂਦੇ ਹਾਂ।

 ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਖ-ਵੱਖ ਪਹਿਲਕਦਮੀਆਂ ਰਾਹੀਂ ਦਿਵਿਆਂਗਜਨਾਂ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫਤ ਯਾਤਰਾ ਦੀ ਸਹੂਲਤ ਸਬੰਧੀ ਨੋਟੀਫਿਕੇਸ਼ਨ  ਜਲਦੀ ਹੀ ਜਾਰੀ ਕੀਤਾ ਜਾਵੇਗਾ। ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਬੱਸਾਂ ‘ਤੇ ਦਿਵਿਆਂਗਜਨਾਂ ਲਈ ਕਿਰਾਏ ‘ਤੇ 50 ਫੀਸਦੀ ਰਿਆਇਤ, 2023-24 ਵਿੱਚ 2.19 ਕਰੋੜ ਰੁਪਏ ਦੀ ਲਾਗਤ ਨਾਲ 7.5 ਲੱਖ ਤੋਂ ਵੱਧ ਦਿਵਿਆਂਗਜਨਾਂ ਨੂੰ ਲਾਭ ਪਹੁੰਚਾਇਆ ਗਿਆ ਹੈ। ਚਾਲੂ ਵਿੱਤੀ ਵਰ੍ਹੇ 2024-25 ਵਿੱਚ ਰਾਜ ਪੈਨਸ਼ਨ ਯੋਜਨਾ ਦੇ ਤਹਿਤ 265,694 ਦਿਵਿਆਂਗਜਨਾਂ ਨੂੰ 278.17 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ। ਬੱਚਿਆਂ ਵਿੱਚ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ 12,607 ਦਿਵਿਆਂਗਜਨਾਂ ਨੂੰ ਵਜ਼ੀਫੇ ਵਜੋਂ 3.37 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਅੱਜ ਰਾਜ ਪੱਧਰੀ ਸਮਾਗਮ ਵਿੱਚ ਵੱਖ-ਵੱਖ ਸ਼੍ਰੇਣੀਆਂ ਸਰਵਉੱਤਮ ਕਰਮਚਾਰੀ, ਸਰਵਉੱਤਮ ਰੁਜ਼ਗਾਰਦਾਤਾ, ਸਰਵਉੱਤਮ ਖਿਡਾਰੀ ਅਤੇ ਸਰਵਉੱਤਮ ਸੰਸਥਾ ਜਾਂ ਦਿਵਿਆਂਗਜਨਾਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਗਿਆ ਹੈ । ਉਨ੍ਹਾਂ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰੇਕ ਪੁਰਸਕਾਰ ਜੇਤੂ ਨੂੰ 10,000 ਰੁਪਏ ਦਾ ਨਕਦ ਇਨਾਮ ਅਤੇ ਇੱਕ ਸਰਟੀਫਿਕੇਟ ਦਿੱਤਾ ਗਿਆ ਹੈ ।ਉਨ੍ਹਾਂ ਕਿਹਾ ਕਿ ਸਪਾਂਸਰਸ਼ਿਪ ਸਕੀਮ ਅਧੀਨ ਬਾਲ ਮਜ਼ਦੂਰੀ ਅਤੇ ਹਿੰਸਾ ਦਾ ਮੁਕਾਬਲਾ ਕਰਨ ਲਈ 100% ਦਿਵਿਆਂਗਜਨਾਂ ਦੇ ਪਰਿਵਾਰਾਂ ਦੇ ਸਕੂਲ ਜਾਣ ਵਾਲੇ ਬੱਚਿਆਂ ਨੂੰ 4000 ਰੁਪਏ ਪ੍ਰਤੀ ਮਹੀਨਾ ਵਜ਼ੀਫ਼ਾ ਦਿੱਤਾ ਜਾਂਦਾ ਹੈ।

ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋ ਨੇ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਦੇ ਫ਼ਰੀਦਕੋਟ ਵਿੱਚ ਰਾਜ ਪੱਧਰੀ ਸਮਾਗਮ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕੁਦਰਤ ਵੱਲੋਂ ਕਈ ਪੱਖਾਂ ਤੋਂ ਅਧੂਰੇ ਬੱਚਿਆਂ ਵਿੱਚ ਬਹੁਤ ਪ੍ਰਤੀਭਾ ਹੈ ਤੇ ਉਨ੍ਹਾਂ ਵੱਲੋਂ ਅੱਜ ਦੇ ਸਮਾਗਮ ਵਿੱਚ ਕਮਾਲ ਦੀਆਂ ਪੇਸ਼ਕਾਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਸਮਾਜ ਵਿੱਚ ਦਿਵਿਆਂਗਜਨਾਂ ਨੂੰ ਉਨ੍ਹਾਂ ਦਾ ਬਣਦਾ ਮਾਣ ਸਨਮਾਨ ਦਿਵਾਈਏ ਅਤੇ ਸਾਨੂੰ ਇਹ ਅਹਿਦ ਕਰਨਾ ਚਾਹੀਦਾ ਹੈ ਕਿ ਇਸ ਵਰਗ ਦੀ ਤਰੱਕੀ ਤੇ ਵਿਕਾਸ ਲਈ ਕੰਮ ਕਰੀਏ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਪੱਧਰ ਤੇ ਰਾਜ ਦਾ ਨਾਮ ਰੌਸ਼ਨ ਕਰਨ ਵਾਲੇ ਫ਼ਰੀਦਕੋਟ ਦੇ ਖਿਡਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਸਨਮਾਨ ਦੀ ਬਣਦੀ ਰਾਸ਼ੀ ਵੀ ਦਿਵਾਈ ਜਾਵੇਗੀ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਮੁੱਖ ਮਹਿਮਾਨ ਤੇ ਸਤਿਕਾਰਤ ਸਖਸ਼ੀਅਤਾਂ ਨੂੰ ਜੀ ਆਇਆ ਕਹਿੰਦਿਆਂ ਦੱਸਿਆ ਕਿ ਅੱਜ ਪੂਰੇ ਵਿਸ਼ਵ ਵਿੱਚ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਦਾ ਮਕਸਦ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਅਤੇ ਲੋਕਾਂ ਲਈ ਸਮਾਜ ਵਿੱਚ ਹਮਦਰਦੀ ਦੀ ਭਾਵਨਾ ਰੱਖਦੇ ਹੋਏ ਉਨ੍ਹਾਂ ਨੂੰ ਦਰਪੇਸ਼ ਚੁਣੌਤੀਆਂ ਨੂੰ ਸਮਝਣ ਅਤੇ ਹੱਲ ਕਰਨ ਲਈ ਸਹਿਯੋਗ ਦੇਣਾ ਹੈ। ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਸਹੂਲਤ ਲਈ ਕੀਤੇ ਜਾ ਰਹੇ ਉਪਰਾਲਿਆਂ ਤੇ ਵਿਸਥਾਰ ਸਹਿਤ ਚਰਚਾ ਕਰਦਿਆਂ ਉਨ੍ਹਾਂ ਯਕੀਨ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਵੱਲੋਂ ਸਾਰੇ ਸਬੰਧਤ ਦਫ਼ਤਰਾਂ, ਅਦਾਰਿਆਂ ਵਿੱਚ ਦਿਵਿਆਂਗਜਨਾਂ ਨੂੰ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ ਤੇ ਉਨ੍ਹਾਂ ਦੀ ਤਰੱਕੀ ਤੇ ਭਲਾਈ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ ।

ਇਸ ਮੌਕੇ ਸੂਬੇ ਭਰ ਤੋਂ ਆਏ ਦਿਵਿਆਂਗਜਨਾਂ ਵੱਲੋਂ ਵੱਖ ਵੱਖ ਸੱਭਿਆਚਾਰਕ ਪੇਸ਼ਕਾਰੀਆਂ ਵੀ ਕੀਤੀਆਂ ਗਈਆ । ਇਸ ਮੌਕੇ ਮੰਚ ਸੰਚਾਲਨ ਦੀ ਭੂਮਿਕਾ ਸ੍ਰੀ ਜਸਬੀਰ ਜੱਸੀ ਵੱਲੋਂ ਨਿਭਾਈ ਗਈ ।

ਇਸ ਮੌਕੇ ਸਾਬਕਾ ਐਮ.ਪੀ. ਪ੍ਰੋ. ਸਾਧੂ ਸਿੰਘ, ਗੁਰਪ੍ਰੀਤ ਕੌਰ ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ- ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ, ਡਿਪਟੀ ਡਾਇਰੈਕਟਰ ਸਮਾਜਿਕ ਸੁਰੱਖਿਆ ਵਿਭਾਗ ਪੰਜਾਬ ਸ. ਅਮਰਜੀਤ ਸਿੰਘ ਭੁੱਲਰ, ਸਿਵਲ ਸਰਜਨ ਡਾ. ਚੰਦਰ ਸ਼ੇਖਰ, ਐਸ.ਡੀ.ਐਮ ਸ੍ਰੀ ਵਰੁਣ ਕੁਮਾਰ, ਚੇਅਰਮੈਨ ਯੋਜਨਾ ਬੋਰਡ ਸ.ਸੁਖਜੀਤ ਸਿੰਘ ਢਿੱਲਵਾਂ, ਚੇਅਰਮੈਨ ਮਾਰਕਿਟ ਕਮੇਟੀ ਸ. ਅਮਨਦੀਪ ਸਿੰਘ ਬਾਬਾ,  ਸ. ਗੁਰਤੇਜ ਸਿੰਘ ਖੋਸਾ,ਚੇਅਰਮੈਨ ਨਗਰ ਸੁਧਾਰ ਟਰੱਸਟ, ਰਮਨਦੀਪ ਸਿੰਘ ਮੁਮਾਰਾ ਚੇਅਰਮੈਨ ਮਾਰਕਿਟ ਕਮੇਟੀ ਸਾਦਿਕ, ਐਡਵੋਕੇਟ ਜਸਮੇਲ ਸਿੰਘ ਬਰਾੜ, ਸ੍ਰੀ ਨਵੀਨ ਗੜਵਾਲ ਡੀ.ਐਸ.ਐਸ.ਓ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਕੌਰ,ਡੀ.ਐਸ.ਪੀ ਸ਼ਮਸ਼ੇਰ ਸਿੰਘ ਤੋਂ ਇਲਾਵਾ ਸੈਕਟਰੀ ਰੈਡ ਕਰਾਸ ਸ੍ਰੀ ਮਨਦੀਪ ਮੌਂਗਾ ਵੀ ਹਾਜ਼ਰ ਸਨ।

Leave a Reply

Your email address will not be published. Required fields are marked *