ਗੰਨਾ ਕਾਸ਼ਤਕਾਰਾਂ ਲਈ ਸਭ ਤੋਂ ਵੱਧ ਗੰਨੇ ਦਾ ਭਾਅ (ਸਟੇਟ ਐਗਰੀਡ ਪ੍ਰਾਈਸ) ਦੇਣ ਵਿੱਚ ਦੇਸ਼ ਦੀ ਅਗਵਾਈ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਸ.ਏ.ਪੀ. ਵਿੱਚ ਪ੍ਰਤੀ ਕੁਇੰਟਲ 10 ਰੁਪਏ ਇਜ਼ਾਫਾ ਕਰਨ ਦਾ ਐਲਾਨ ਕੀਤਾ, ਜਿਸ ਨਾਲ ਕਿਸਾਨਾਂ ਨੂੰ ਗੰਨੇ ਦੀ ਫਸਲ ਦਾ ਪ੍ਰਤੀ ਕੁਇੰਟਲ 401 ਰੁਪਏ ਭਾਅ ਮਿਲੇਗਾ।
ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਗੰਨਾ ਕਾਸ਼ਤਕਾਰਾਂ ਦੀ ਭਲਾਈ ਲਈ ਵਚਨਬੱਧ ਹੈ, ਇਸ ਲਈ ਕਿਸਾਨਾਂ ਨੂੰ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ, ਦੇਸ਼ ਭਰ ਵਿੱਚ ਗੰਨੇ ਦਾ ਸਭ ਤੋਂ ਵੱਧ ਰੇਟ ਦੇਵੇਗਾ ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀ ਵਚਨਬੱਧਤਾ ਅਨੁਸਾਰ ਕਿਸਾਨਾਂ ਨੂੰ ਦੇਸ਼ ਵਿੱਚ ਗੰਨੇ ਦਾ ਸਭ ਤੋਂ ਵੱਧ ਭਾਅ ਮਿਲੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਹਮੇਸ਼ਾ ਹੀ ਗੰਨਾ ਕਾਸ਼ਤਕਾਰਾਂ ਨੂੰ ਸਭ ਤੋਂ ਵੱਧ ਕੀਮਤ ਦਿੱਤੀ ਹੈ ਅਤੇ ਹੁਣ ਵੀ ਏਸੇ ਦਿਸ਼ਾ ਵਿੱਚ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਗੰਨੇ ਦੀਆਂ ਅਗੇਤੀਆਂ ਕਿਸਮਾਂ ਲਈ ਕਿਸਾਨਾਂ ਨੂੰ 401 ਰੁਪਏ ਪ੍ਰਤੀ ਕੁਇੰਟਲ ਅਤੇ ਗੰਨੇ ਦੀਆਂ ਦਰਮਿਆਨੀਆਂ-ਪਿਛੇਤੀਆਂ ਕਿਸਮਾਂ ਲਈ 391 ਰੁਪਏ ਪ੍ਰਤੀ ਕੁਇੰਟਲ ਭਾਅ ਦੇਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ
ਗੰਨੇ ਦੀ ਸਟੇਟ ਐਗਰੀਡ ਪ੍ਰਾਈਸ (ਐਸ.ਏ.ਪੀ.) ਦੇਸ਼ ਵਿੱਚ ਸਭ ਤੋਂ ਵੱਧ ਹੈ, ਜਿਸ ਨਾਲ ਕਿਸਾਨਾਂ ਨੂੰ ਆਰਥਿਕ ਤੌਰ ਉਤੇ ਵੱਡਾ ਲਾਭ ਹੋਵੇਗ।
ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ‘ਰੰਗਲਾ ਪੰਜਾਬ’ ਦੀ ਸਿਰਜਣਾ ਨੂੰ ਯਕੀਨੀ ਬਣਾਉਣ ਲਈ ਸਖ਼ਤ ਯਤਨ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੇ ਪੈਸੇ ਦੀ ਉਨ੍ਹਾਂ ਦੀ ਭਲਾਈ ਲਈ ਸੁਚੱਜੇ ਢੰਗ ਨਾਲ ਵਰਤੋਂ ਕੀਤੇ ਜਾਣ ਨੂੰ ਯਕੀਨੀ ਬਣਾ ਰਹੀ ਹੈ ਅਤੇ ਸੂਬੇ ਵਿੱਚ ਕਈ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਲਾਗੂ ਕੀਤੀਆਂ ਗਈਆਂ ਹਨ।