ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੇ ਲੋਕਾਂ ਦੀ ਸਮਰਪਣ ਭਾਵਨਾ ਨਾਲ ਸੇਵਾ ਕਰਨ ਲਈ ਪਰਮਾਤਮਾ ਤੋਂ ਆਸ਼ੀਰਵਾਦ ਮੰਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਖ਼ੁਦ ਨੂੰ ਖ਼ੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਅਤੇ ਇੱਥੇ ਆਉਣ ਦਾ ਮਕਸਦ ਇਹ ਸੇਵਾ ਬਖ਼ਸ਼ਣ ਲਈ ਪਰਮਾਤਮਾ ਦਾ ਧੰਨਵਾਦ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਸਮਾਜ ਦੇ ਸਾਰੇ ਵਰਗਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਦੇ ਨਾਲ-ਨਾਲ ਸਰਬਪੱਖੀ ਵਿਕਾਸ, ਸ਼ਾਂਤੀ ਅਤੇ ਭਾਈਚਾਰਕ ਸਾਂਝ ਯਕੀਨੀ ਬਣਾਉਣ ਲਈ ਆਪਣੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਉਨ੍ਹਾਂ ਸੂਬੇ ਦੀ ਤਰੱਕੀ ਅਤੇ ਵਿਕਾਸ ਤੇ ਇੱਥੋਂ ਦੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।
ਮੁੱਖ ਮੰਤਰੀ ਨੇ ਪੂਰੀ ਤਨਦੇਹੀ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਪਰਮਾਤਮਾ ਤੋਂ ਉਨ੍ਹਾਂ ਨੂੰ ਬਲ ਬਖ਼ਸ਼ਣ ਦੀ ਅਰਦਾਸ ਕੀਤੀ। ਉਨ੍ਹਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਸਦਭਾਵਨਾ ਵਾਲੇ ਸਮਾਜ ਦੀ ਸਿਰਜਣਾ ਲਈ ਜਾਤ, ਰੰਗ, ਨਸਲ ਅਤੇ ਧਰਮ ਦੇ ਵਿਤਕਰੇ ਤੋਂ ਬਗੈਰ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਵੱਲੋਂ ਸਿਖਾਏ ਗਏ ਸਮਾਜ ਵਿੱਚ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦੇ ਸਿਧਾਂਤ ਨੂੰ ਹਰ ਕੀਮਤ `ਤੇ ਬਰਕਰਾਰ ਰੱਖਿਆ ਜਾਵੇਗਾ ਅਤੇ ਇਹ ਸੂਬਾ ਸਰਕਾਰ ਦੀ ਹਮੇਸ਼ਾ ਪਹਿਲੀ ਤਰਜੀਹ ਰਹੇਗੀ।
ਮੁੱਖ ਮੰਤਰੀ ਨੇ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪਣ ਲਈ ਪਰਮਾਤਮਾ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਨਾ ਉਨ੍ਹਾਂ ਲਈ ਹਮੇਸ਼ਾ ਵਿਲੱਖਣ ਤਜਰਬਾ ਹੁੰਦਾ ਹੈ, ਜੋ ਦੁਨੀਆ ਭਰ ਦੇ ਲੱਖਾਂ ਲੋਕਾਂ ਲਈ ਪ੍ਰੇਰਨਾ ਅਤੇ ਸਕਾਰਾਤਮਕਤਾ ਦੇ ਸੋਮੇ ਹਨ।