ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਖੱਜਲ ਖੁਆਰੀ ਰਹਿਤ ਸੇਵਾਵਾਂ ਦੇਣ ਲਈ ਵਚਨਬੱਧ: ਜਿੰਪਾ

ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਸਮੂਹ ਅਫ਼ਸਰਾਂ/ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਹੈ। ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ਕਰਵਾਏ ਇਕ ਸੈਮੀਨਾਰ ਦੌਰਾਨ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਖੱਜਲ ਖੁਆਰੀ ਰਹਿਤ ਸੇਵਾਵਾਂ ਦੇਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਸਮੂਹ ਸਟਾਫ ਨੂੰ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ। 

ਜ਼ਿਕਰਯੋਗ ਹੈ ਕਿ ਮੈਗਸੀਪਾ ਵਿਖੇ ਵਿੱਤੀ ਕਮਿਸ਼ਨਰਜ ਸਕੱਤਰੇਤ, ਪੰਜਾਬ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਦਫ਼ਤਰਾਂ ਵਿੱਚ ਵਿਹਾਰ, ਅਨੁਸ਼ਾਸਨ, ਹੁਨਰ ਅਤੇ ਇਮਾਨਦਾਰੀ ਵਿਸ਼ਿਆਂ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ ਸੀ। ਇਸ ਸੈਮੀਨਾਰ ਵਿੱਚ  ਵਿਸ਼ੇਸ਼ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ ਕੇ.ਏ.ਪੀ. ਸਿਨਹਾ, ਸਕੱਤਰ ਮਾਲ  ਅਲਕਨੰਦਾ ਦਿਆਲ, ਵਿਸ਼ੇਸ਼ ਸਕੱਤਰ ਮਾਲ ਉਪਕਾਰ ਸਿੰਘ ਤੋਂ ਇਲਾਵਾ ਵਿੱਤੀ ਕਮਿਸ਼ਨਰਜ ਸਕੱਤਰੇਤ, ਪੰਜਾਬ ਦੇ 650 ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਹਿੱਸਾ ਲਿਆ ਗਿਆ। 

ਸੈਮੀਨਾਰ ਵਿੱਚ ਸ਼ਾਮਲ ਹੋਏ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਆਪਣੇ ਨਿੱਜੀ ਤਜ਼ਰਬੇ ਅਤੇ ਦਫਤਰੀ ਨਿਯਮਾਂ/ਹਦਾਇਤਾਂ ਦੇ ਆਧਾਰ ‘ਤੇ ਹੋਰ ਕਰਮਚਾਰੀਆਂ ਨੂੰ ਗਾਈਡ ਕੀਤਾ ਗਿਆ।

ਇਸ ਮੌਕੇ  ਮਾਲ ਮੰਤਰੀ ਅਤੇ ਵਿੱਤੀ ਕਮਿਸ਼ਨਰ ਮਾਲ ਵੱਲੋਂ ਕਰਮਚਾਰੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ ਅਤੇ ਕੁਝ ਦਾ ਮੌਕੇ ਉੱਤੇ ਹੀ ਹੱਲ ਕਰ ਦਿੱਤਾ ਗਿਆ। ਬਾਕੀ ਸਮੱਸਿਆਵਾਂ ਦਾ ਹੱਲ ਜਲਦ ਕਰਨ ਦਾ ਭਰੋਸਾ ਵੀ ਦਿੱਤਾ ਗਿਆ। ਸੈਮੀਨਾਰ ਦੌਰਾਨ ਕਰਮਚਾਰੀਆਂ ਨੂੰ  ਸਦਾ ਸਕਾਰਾਤਮਕ ਰਹਿਕੇ ਆਪਣੀ ਸਖਸ਼ੀਅਤ ਵਿੱਚ ਨਿਖਾਰ ਲਿਆਉਣ ਲਈ ਵੀ ਪ੍ਰੇਰਿਤ ਕੀਤਾ ਗਿਆ।

Leave a Reply

Your email address will not be published. Required fields are marked *