ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 30 ਮਹੀਨਿਆਂ ਵਿੱਚ 44974 ਸਰਕਾਰੀ ਨੌਕਰੀਆਂ ਦੇ ਕੇ ਸੂਬੇ ਦੇ ਨੌਜਵਾਨਾਂ ਦਾ ਜੀਵਨ ਰੌਸ਼ਨ ਕਰਨ ਵਿੱਚ ਇਕ ਹੋਰ ਮੀਲ ਪੱਥਰ ਕਾਇਮ ਕੀਤਾ ਹੈ।ਅੱਜ ਇੱਥੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਆਡੀਟੋਰੀਅਮ ਵਿੱਚ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ 293 ਅਸਾਮੀਆਂ ਲਈ ਨਿਯੁਕਤੀ ਪੱਤਰ ਸੌਂਪਣ ਮੌਕੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਇਸ ਨੂੰ ਇੱਕ ਇਤਿਹਾਸਕ ਕਦਮ ਦੱਸਿਆ ਜੋ ਨੌਜਵਾਨਾਂ ਦੀ ਤਕਦੀਰ ਬਦਲ ਦੇਵੇਗਾ। ਉਨ੍ਹਾਂ ਕਿਹਾ ਕਿ ਇਸ ਸਥਾਨ ‘ਤੇ ਪਹਿਲਾਂ ਵੀ ਕਈ ਅਜਿਹੇ ਸਮਾਗਮ ਹੋਏ ਹਨ, ਜਿਨ੍ਹਾਂ ‘ਚ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ‘ਚ ਨੌਕਰੀਆਂ ਮਿਲੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰੇਕ ਵਿਭਾਗ ਵਿੱਚ ਖਾਲੀ ਹੁੰਦੇ ਸਾਰ ਹੀ ਸਾਰੀਆਂ ਅਸਾਮੀਆਂ ਭਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਇੱਕ ਠੋਸ ਵਿਧੀ ਅਪਣਾਈ ਗਈ ਹੈ ਜਿਸ ਕਾਰਨ ਇਨ੍ਹਾਂ 44,000 ਤੋਂ ਵੱਧ ਨਿਯੁਕਤੀਆਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਫ਼ਖਰ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਬੜੇ ਮਾਣ ਅਤੇ ਤਸੱਲੀ ਵਾਲੀ ਦੀ ਗੱਲ ਹੈ ਕਿ ਸਾਰੇ ਨੌਜਵਾਨਾਂ ਦੀ ਚੋਣ ਪੂਰੀ ਤਰ੍ਹਾਂ ਉਨ੍ਹਾਂ ਦੀ ਯੋਗਤਾ ਅਤੇ ਲਿਆਕਤ ਦੇ ਆਧਾਰ ‘ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕੋਈ ਪਹਿਲਾ ਸਮਾਗਮ ਨਹੀਂ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ ਇਸ ਤੋਂ ਪਹਿਲਾਂ ਵੀ ਅਜਿਹੇ ਕਈ ਸਮਾਗਮ ਕਰਵਾਏ ਜਾ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਵਿੱਚ ਨੌਜਵਾਨਾਂ ਨੂੰ ਭਾਈਵਾਲ ਬਣਾ ਕੇ ਪੰਜਾਬ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਅਣਥੱਕ ਯਤਨ ਕਰ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਸੂਬੇ ‘ਚੋਂ ਨੌਜਵਾਨਾਂ ਦੇ ਪ੍ਰਵਾਸ ਨੂੰ ਪੁੱਠਾ ਗੇੜ ਪਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨ ਬਿਹਤਰ ਜੀਵਨ ਦੀ ਭਾਲ ਵਿੱਚ ਵਿਦੇਸ਼ ਜਾਣ ਦੀ ਬਜਾਏ ਹੁਣ ਇੱਥੇ ਰੋਜ਼ਗਾਰ ਹਾਸਲ ਕਰਨ ਲਈ ਸਖ਼ਤ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਹੜੇ ਨੌਜਵਾਨ ਪਹਿਲਾਂ ਦੂਜੇ ਦੇਸ਼ਾਂ ਵਿਚ ਜਾ ਚੁੱਕੇ ਹਨ, ਉਹ ਵੀ ਹੁਣ ਵਾਪਸ ਆ ਰਹੇ ਹਨ ਅਤੇ ਨੌਕਰੀਆਂ ਲੈਣ ਲਈ ਮਿਹਨਤ ਕਰ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਖੁਸ਼ੀ ਅਤੇ ਤਸੱਲੀ ਵਾਲੀ ਗੱਲ ਹੈ ਕਿ ਉਨ੍ਹਾਂ ਦੀ ਸਰਕਾਰ ਦੇ ਯਤਨਾਂ ਨੂੰ ਬੂਰ ਪੈਣ ਲੱਗਾ ਹੈ ਅਤੇ ਨੌਜਵਾਨ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਗੱਲ ਰਿਕਾਰਡ ‘ਤੇ ਹੈ ਕਿ ਸੂਬੇ ਦੇ ਵਿੱਦਿਅਕ ਅਦਾਰਿਆਂ ਵਿੱਚ ਨੌਜਵਾਨਾਂ ਦੇ ਦਾਖਲਿਆਂ ‘ਚ ਭਾਰੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਸਦਕਾ ਇਹ ਰੁਝਾਨ ਭਵਿੱਖ ਵਿੱਚ ਵੀ ਜਾਰੀ ਰਹੇਗਾ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀ ਤਲਾਸ਼ਣ ਵਾਲਿਆਂ ਦੀ ਥਾਂ ਨੌਕਰੀ ਦੇਣ ਵਾਲੇ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ਤਰੱਕੀ ਵਿੱਚ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਜ਼ਰੀਏ ਹੀ ਅਗਾਂਹਵਧੂ ਅਤੇ ਖੁਸ਼ਹਾਲ ਪੰਜਾਬ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਪਹਿਲਾਂ ਹੀ 842 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ ਹੁਣ ਤੱਕ 2 ਕਰੋੜ ਤੋਂ ਵੱਧ ਲੋਕ ਮਿਆਰੀ ਇਲਾਜ ਲੈਣ ਦੇ ਨਾਲ-ਨਾਲ 95 ਫੀਸਦੀ ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਜਿਹੇ 30 ਹੋਰ ਕਲੀਨਿਕ ਸਥਾਪਿਤ ਕੀਤੇ ਜਾ ਰਹੇ ਹਨ, ਜੋ ਲੋਕਾਂ ਲਈ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਸੂਬੇ ਵਿੱਚ ਪ੍ਰਚਲਿਤ ਵੱਖ-ਵੱਖ ਬਿਮਾਰੀਆਂ ਦੀ ਜਾਂਚ ਅਤੇ ਇਨ੍ਹਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਟਾਕਰੇ ਲਈ ਡਾਟਾਬੇਸ ਤਿਆਰ ਕਰਨ ਵਿੱਚ ਵੀ ਸਰਕਾਰ ਦੀ ਮਦਦ ਕੀਤੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਉਹ ਇਨ੍ਹਾਂ ਨੌਜਵਾਨਾਂ ਤੋਂ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਦੀ ਉਮੀਦ ਕਰਦੇ ਹਨ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕੰਮ ਕਰਨ ਤਾਂ ਜੋ ਸਮਾਜ ਦੇ ਹਰੇਕ ਵਰਗ ਨੂੰ ਇਸ ਦਾ ਲਾਭ ਮਿਲ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਢਾਈ ਸਾਲਾਂ ਵਿੱਚ ਲੋਕਾਂ ਨੇ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਵਿੱਚ ਵਿਸ਼ਵਾਸ ਜਤਾਇਆ ਹੈ ਜਿਸ ਸਦਕਾ ਕਰ ਮਾਲੀਏ ਵਿੱਚ ਚੋਖਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਵਿੱਚ 18 ਟੋਲ ਪਲਾਜ਼ੇ ਬੰਦ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਟੋਲ ਪਲਾਜ਼ਿਆਂ ਨੇ ਮਿਆਦ ਵਧਾਉਣ ਦੀ ਮੰਗ ਵੀ ਕੀਤੀ ਸੀ ਪਰ ਵਡੇਰੇ ਲੋਕ ਹਿੱਤ ਵਿੱਚ ਉਨ੍ਹਾਂ ਨੇ ਇਸ ਤੋਂ ਇਨਕਾਰ ਕਰ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਟੋਲ ਪਲਾਜ਼ਿਆਂ ਦੇ ਬੰਦ ਹੋਣ ਨਾਲ ਪੰਜਾਬ ਦੇ ਲੋਕਾਂ ਦੇ ਰੋਜ਼ਾਨਾ ਤਕਰੀਬਨ 63 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਦਾ ਕਾਰਜ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ 118 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਬਣਾਉਣ ਲਈ ਵਚਨਬੱਧ ਹੈ, ਜਿਸ ਵਿੱਚ ਸਮਾਰਟ ਕਲਾਸਰੂਮ, ਵਿਗਿਆਨਕ ਸਿੱਖਿਆ ਲਈ ਅਤਿ-ਆਧੁਨਿਕ ਲੈਬਾਟਰੀਆਂ ਅਤੇ ਖੇਡ ਮੈਦਾਨ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮਿਆਰੀ ਸਿੱਖਿਆ ਵਿਦਿਆਰਥੀਆਂ ਨੂੰ ਜੀਵਨ ਵਿੱਚ ਵੱਧ ਤੋਂ ਵੱਧ ਕਾਮਯਾਬੀ ਹਾਸਲ ਕਰਨ ਅਤੇ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਹਿੱਸਾ ਲੈਣ ਦੇ ਯੋਗ ਬਣਾਉਣ ਵਿੱਚ ਮਦਦ ਕਰੇਗੀ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ ਦਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੈਗਾ ਪੀ.ਟੀ.ਐਮ. ਵਿੱਚ 20 ਲੱਖ ਮਾਪਿਆਂ ਨੇ ਹਿੱਸਾ ਲਿਆ ਸੀ। ਉਨ੍ਹਾਂ ਕਿਹਾ ਕਿ ਇਸ ਨਵੀਨ ਉਪਰਾਲੇ ਨਾਲ ਵਿਦਿਆਰਥੀਆਂ ਨੂੰ ਬਹੁਤ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਇਹ ਉਪਰਾਲਾ ਆਉਣ ਵਾਲੇ ਸਮੇਂ ਵਾਸਤੇ ਵਿਦਿਆਰਥੀਆਂ ਨੂੰ ਤਿਆਰ ਕਰਨ ਲਈ ਬੇਹੱਦ ਸਹਾਈ ਸਿੱਧ ਹੋਵੇਗਾ।ਇਸ ਦੌਰਾਨ ਨਵ-ਨਿਯੁਕਤ ਕਰਮਚਾਰੀਆਂ ਨੇ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਆਪੋ-ਆਪਣੇ ਤਜਰਬੇ ਸਾਂਝੇ ਕੀਤੇ।ਲੁਧਿਆਣਾ ਤੋਂ ਨਵ-ਨਿਯੁਕਤ ਓਫਥੈਲਮਿਕ ਅਫਸਰ ਸ਼ਿਵਾਨੀ ਸ਼ਰਮਾ ਨੇ ਨੌਕਰੀ ਮਿਲਣ ਦੀ ਖੁਸ਼ੀ ਕਰਦਿਆਂ ਖੁਲਾਸਾ ਕੀਤਾ ਕਿ ਉਸ ਦੇ ਨਾਲ ਉਸ ਦਾ ਭਰਾ ਵੀ ਨੌਕਰੀ ਪ੍ਰਾਪਤ ਕਰ ਰਿਹਾ ਹੈ। ਉਸ ਨੇ ਕਿਹਾ ਕਿ ਉਹ ਦੁੱਗਣੀ ਖੁਸ਼ੀ ਮਹਿਸੂਸ ਕਰ ਰਹੀ ਹੈ ਕਿਉਂਕਿ ਇਹ ਮੇਰੇ ਪੂਰੇ ਪਰਿਵਾਰ ਲਈ ਬਹੁਤ ਮਾਣ ਦੇ ਪਲ ਹਨ। ਸ਼ਿਵਾਨੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਚੋਣ ਪੂਰੀ ਤਰ੍ਹਾਂ ਮੈਰਿਟ ‘ਤੇ ਆਧਾਰਿਤ ਕੀਤੀ ਗਈ ਹੈ, ਜਿਸ ਨਾਲ ਉਨ੍ਹਾਂ ਦੀ ਪ੍ਰਾਪਤੀ ਹੋਰ ਵੀ ਖੁਸ਼ਗਵਾਰ ਹੈ।ਐਮਐਲਟੀ-2 ਨਿਯੁਕਤ ਹੋਈ ਖਰੜ ਤੋਂ ਗੁਰਦੀਪ ਕੌਰ ਆਪਣੇ ਨਵਜੰਮੇ ਬੱਚੇ ਨਾਲ ਸਮਾਗਮ ਵਿੱਚ ਸ਼ਾਮਲ ਹੋਈ। ਉਨ੍ਹਾਂ ਨੇ ਪੂਰੀ ਭਰਤੀ ਪ੍ਰਕਿਰਿਆ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਝਬਾਲ (ਤਰਨਤਾਰਨ) ਦੇ ਬਲਾਕ ਐਕਸਟੈਂਸ਼ਨ ਐਜੂਕੇਟਰ ਗੁਰਲਾਲ ਸਿੰਘ ਨੇ ਬਿਨਾਂ ਕਿਸੇ ਸਿਫ਼ਾਰਸ਼ ਦੇ ਨੌਕਰੀ ਮਿਲਣ ‘ਤੇ ਹੋਈ ਹੈਰਾਨੀ ਮੁੱਖ ਮੰਤਰੀ ਨਾਲ ਸਾਂਝੀ ਕੀਤੀ। ਉਸ ਨੇ ਕਿਹਾ, “ਜਦੋਂ ਮੈਨੂੰ ਨੌਕਰੀ ਬਾਰੇ ਫ਼ੋਨ ਆਇਆ ਤਾਂ ਮੈਂ ਹੈਰਾਨ ਰਹਿ ਗਿਆ ਕਿਉਂਕਿ ਮੈਨੂੰ ਇਸ ਦੀ ਉਮੀਦ ਨਹੀਂ ਸੀ।”ਸ੍ਰੀ ਮੁਕਤਸਰ ਸਾਹਿਬ ਤੋਂ ਐਮਐਲਟੀ ਹਰਦੀਪ ਸਿੰਘ ਨੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਸ ਨੇ ਆਪਣੇ ਦਿਲ ਦੀ ਗੱਲ ਸਾਂਝੀ ਕੀਤੀ ਕਿ ਉਹ ਪਹਿਲਾਂ ਵਿਦੇਸ਼ ਜਾਣ ਬਾਰੇ ਸੋਚਦਾ ਸੀ, ਪਰ ‘ਆਪ’ ਸਰਕਾਰ ਦੀਆਂ ਪਹਿਲਕਦਮੀਆਂ ਨੇ ਉਨ੍ਹਾਂ ਦੀ ਧਾਰਨਾ ਬਦਲ ਦਿੱਤੀ ਹੈ। ਉਸ ਨੇ ਮਾਣ ਨਾਲ ਕਿਹਾ, “ਮੈਂ ਇਸ ਮੌਕੇ ਲਈ ਦਿਲ ਦੀਆਂ ਗਹਿਰਾਈਆਂ ਤੋਂ ਸਰਕਾਰ ਦਾ ਸ਼ੁਕਰਗੁਜ਼ਾਰ ਹਾਂ।”
Related Posts
ਮੋਹਾਲੀ ਵਿਖੇ “ਰਾਸ਼ਟਰ ਪੱਧਰੀ ਲਰਨ ਟੂ ਲਿਵ ਟੂਗੇਦਰ ਕੈਂਪ” ਦਾ ਸਮਾਪਤੀ ਸਮਾਰੋਹ ਕਰਵਾਇਆ ਗਿਆ
- Admin
- 30/06/2024
- 0
ਬਾਲ ਭਲਾਈ ਕੌਂਸਲ, ਪੰਜਾਬ ਵੱਲੋਂ 6 ਰੋਜ਼ਾ “ਰਾਸ਼ਟਰੀ ਪੱਧਰੀ ਲਰਨ ਟੂ ਲਿਵ ਟੂਗੇਦਰ ਕੈਂਪ” ਦੀ ਸਫ਼ਲ ਮੇਜ਼ਬਾਨੀ ਉਪਰੰਤ ਅੱਜ ਸ਼ਿਵਾਲਿਕ ਪਬਲਿਕ ਸਕੂਲ, ਮੋਹਾਲੀ ਵਿਖੇ ਸਮਾਪਤੀ […]
‘ਹੌਗ ਡੀਅਰ’ ਨੂੰ ਕਥਲੌਰ-ਕੌਸ਼ਲਿਆ ਵਾਈਲਡਲਾਈਫ ਸੈਂਚੁਰੀ ਦੀ ਪ੍ਰਤੀਕਚਿੰਨ ਪ੍ਰਜਾਤੀ ਐਲਾਨਿਆ ਜਾਵੇਗਾ: ਲਾਲ ਚੰਦ ਕਟਾਰੂਚੱਕ
- Admin
- 14/02/2024
- 0
ਸੂਬੇ ਭਰ ਵਿੱਚ ਜੰਗਲੀ ਜੀਵਾਂ ਦੀ ਸਾਂਭ ਸੰਭਾਲ ਲਈ ਕੀਤੇ ਜਾ ਰਹੇ ਯਤਨਾਂ ਨੂੰ ਮੁੱਖ ਰੱਖਦਿਆਂ ਪੰਜਾਬ ਰਾਜ ਜੰਗਲੀ ਜੀਵ ਬੋਰਡ ਨੇ ਅੱਜ ਹੌਗ ਡੀਅਰ […]
ਮੁੱਖ ਮੰਤਰੀ ਵੱਲੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ
- Admin
- 21/09/2024
- 0
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਉੱਤਰੀ ਹਲਕੇ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਮਧੂਮਿਤਾ ਦੇ ਦੁਖਦਾਇਕ ਅਤੇ ਬੇਵਕਤੀ ਦੇਹਾਂਤ […]