ਪੰਜਾਬ ਸਰਕਾਰ ਮਹਿਲਾਵਾਂ ਦੀ ਸਿਹਤ, ਸਫਾਈ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਜਾਗਰੂਕਤਾ ਕੈਂਪਾਂ ਦੀ ਲੜੀ ਦੀ ਸ਼ੁਰੂਆਤ 2 ਦਸੰਬਰ ਤੋਂ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਕਰੇਗੀ। ਇਹ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਮੌਕੇ 3 ਦਸੰਬਰ ਨੂੰ ਫਰੀਦਕੋਟ ‘ਚ ਰਾਜ ਪੱਧਰੀ ਸਮਾਗਮ ਕੀਤਾ ਜਾਵੇਗਾ ਅਤੇ ਇਸ ਮੌਕੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਕੰਮ ਕਰਨ ਵਾਲੇ ਵਿਅਕਤੀਆਂ ਅਤੇ ਸੰਸਥਾਵਾਂ ਦਾ ਸਨਮਾਨ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਸੂਬਾ ਸਰਕਾਰ ਦੀ ਮਹਿਲਾਵਾਂ ਅਤੇ ਲੜਕੀਆਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਲਈ ਸੁਰੱਖਿਅਤ ਮਾਹੌਲ ਸਿਰਜਣ ਦੀ ਆਪਣੀ ਵਚਨਬੱਧਤਾ ਪ੍ਰਗਟਾਉਂਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਉਦੇਸ਼ ਮਹਿਲਾਵਾਂ ਦੀ ਜ਼ਰੂਰੀ ਸਿਹਤ ਜਾਂਚ ਕਰਵਾਉਣਾ ਅਤੇ ਵੱਖ-ਵੱਖ ਸਿਹਤ ਮੁੱਦਿਆਂ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਉਨਾਂ ਕਿਹਾ ਕਿ ਇਹ ਪਹਿਲਕਦਮੀ ਮਹਿਲਾਵਾਂ ਦੀ ਸੁਰੱਖਿਆ ਅਤੇ ਰੋਜ਼ਗਾਰ ਦੇ ਮੌਕਿਆਂ ਨੂੰ ਵਧਾਉਣ ਲਈ ਤਿਆਰ ਕੀਤੀਆਂ ਗਈਆਂ ਵੱਖ-ਵੱਖ ਯੋਜਨਾਵਾਂ ਅਤੇ ਪ੍ਰੋਗਰਾਮਾਂ ਰਾਹੀਂ ਮਹਿਲਾਵਾਂ ਨੂੰ ਸਸ਼ਕਤ ਕਰਨ ਲਈ ਸਰਕਾਰ ਦੀ ਵਿਆਪਕ ਰਣਨੀਤੀ ਦਾ ਹਿੱਸਾ ਹੈ।
ਉਨ੍ਹਾਂ ਦੱਸਿਆ ਕਿ ਕੈਪਾਂ ਵਿੱਚ ਜ਼ਿਲ੍ਹਾ ਹਸਪਤਾਲਾਂ ਦੀਆਂ ਮਾਹਿਰ ਟੀਮਾਂ ਦੁਆਰਾ ਮੁਫ਼ਤ ਸਿਹਤ ਜਾਂਚ ਕੀਤੀ ਜਾਵੇਗੀ। ਇਸ ਮੌਕੇ ਛਾਤੀ, ਸਰਵਾਈਕਲ, ਅਤੇ ਓਰਲ ਕੈਂਸਰ ਦੀ ਜਾਂਚ, ਬਲੱਡ ਪ੍ਰੈਸ਼ਰ ਅਤੇ ਸ਼ੂਗਰ ਟੈਸਟ, ਅਨੀਮੀਆ ਦੀ ਜਾਂਚ ਕੀਤੀ ਜਾਵੇਗੀ ਅਤੇ ਲੋੜੀਂਦੀਆਂ ਦਵਾਈਆਂ ਦੀ ਦਿੱਤੀਆਂ ਜਾਣਗੀਆਂ। ਇਨ੍ਹਾਂ ਕੈਂਪਾਂ ਵਿੱਚ ਮਹਿਲਾਵਾਂ ਨੂੰ ਮਹੱਤਵਪੂਰਨ ਸਿਹਤ ਵਿਸ਼ਿਆਂ ਜਿਵੇਂ ਕਿ ਗਰਭ ਨਿਰੋਧਕ ਤਰੀਕਿਆਂ, ਪਰਿਵਾਰ ਨਿਯੋਜਨ, ਪਿਸ਼ਾਬ ਨਾਲੀ ਦੀਆਂ ਲਾਗਾਂ (ਯੂਟੀਆਈ), ਮਾਹਵਾਰੀ ਦੀ ਸਫਾਈ ਅਤੇ ਕਿਸ਼ੋਰਾਂ ਦੀ ਸਿਹਤ ਬਾਰੇ ਜਾਗਰੂਕ ਕੀਤਾ ਜਾਵੇਗਾ।
ਮੰਤਰੀ ਨੇ ਦੱਸਿਆ ਕਿ ਇਹ ਕੈਂਪ ਰੋਜ਼ਗਾਰ ਉਤਪਤੀ ਵਿਭਾਗ ਅਤੇ ਹੁਨਰ ਵਿਕਾਸ ਵਿਭਾਗ, ਆਯੁਰਵੈਦਿਕ ਵਿਭਾਗ, ਪੇਂਡੂ ਵਿਕਾਸ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਸਹਿਯੋਗ ਨਾਲ ਆਯੋਜਿਤ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਬੇਟੀ ਬਚਾਓ ਬੇਟੀ ਪੜ੍ਹਾਓ, ਵਨ ਸਟਾਪ ਸੈਂਟਰ ਸਕੀਮ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਪੋਸ਼ਣ, ਬੱਚਿਆਂ ਨਾਲ ਸਬੰਧਤ ਸਕੀਮਾਂ, 181 ਵੂਮਨ ਹੈਲਪਲਾਈਨ ਅਤੇ ਪੈਨਸ਼ਨ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਕੈਂਪਾਂ ਵਿੱਚ ਵੱਖ-ਵੱਖ ਸਟਾਲ ਲਗਾਏ ਜਾਣਗੇ ਅਤੇ ਫਾਰਮ ਭਰੇ ਜਾਣਗੇ।
ਡਾ. ਬਲਜੀਤ ਕੌਰ ਨੇ ਮਹਿਲਾਵਾਂ ਨੂੰ ਸਮੇਂ ਸਿਰ ਸਿਹਤ ਦੀ ਜਾਂਚ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਕੈਂਪਾਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਪੰਜਾਬ ਸਰਕਾਰ ਮਹਿਲਾਵਾਂ ਅਤੇ ਲੜਕੀਆਂ ਦੇ ਸਸ਼ਕਤੀਕਰਨ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਚ ਵਿੱਚ ਜ਼ਿਲ੍ਹਾ ਪੱਧਰ ਤੇ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ ਜਿਸ ਦੀ ਸ਼ੁਰੂਆਤ 2 ਦਸੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਹੀ 4 ਦਸੰਬਰ ਨੂੰ ਅੰਮ੍ਰਿਤਸਰ, 5 ਦਸੰਬਰ ਨੂੰ ਬਰਨਾਲਾ, 9 ਦਸੰਬਰ ਨੂੰ ਬਠਿੰਡਾ, 10 ਦਸੰਬਰ ਨੂੰ ਫਰੀਦਕੋਟ, 11 ਦਸੰਬਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ, 12 ਦਸੰਬਰ ਨੂੰ ਫਾਜ਼ਿਲਕਾ, 13ਦਸੰਬਰ ਨੂੰ ਫਿਰੋਜ਼ਪੁਰ, 14 ਦਸੰਬਰ ਨੂੰ ਗੁਰਦਾਸਪੁਰ, 18 ਦਸੰਬਰ ਨੂੰ ਹੁਸ਼ਿਆਰਪੁਰ, 19 ਦਸੰਬਰ ਨੂੰ ਜਲੰਧਰ, 20 ਦਸੰਬਰ ਨੂੰ ਕਪੂਰਥਲਾ, 24 ਦਸੰਬਰ ਨੂੰ ਲੁਧਿਆਣਾ, 2 ਜਨਵਰੀ 2025 ਨੂੰ ਮਾਲੇਰਕੋਟਲਾ, 3 ਜਨਵਰੀ ਨੂੰ ਮਾਨਸਾ, 7 ਜਨਵਰੀ ਨੂੰ ਮੋਗਾ, 8 ਜਨਵਰੀ ਪਠਾਨਕੋਟ, 9 ਜਨਵਰੀ ਨੂੰ ਪਟਿਆਲਾ, 14 ਜਨਵਰੀ ਨੂੰ ਰੂਪਨਗਰ, 15 ਜਨਵਰੀ ਨੂੰ ਸੰਗਰੂਰ, 16 ਜਨਵਰੀ ਨੂੰ ਐਸ.ਏ.ਐਸ ਨਗਰ, 17 ਜਨਵਰੀ ਨੂੰ ਐਸ.ਬੀ.ਐਸ ਨਗਰ, 18 ਜਨਵਰੀ ਨੁੰ ਤਰਨਤਾਰਨ ਵਿੱਚ ਕੈਂਪ ਲਗਾਏ ਜਾਣਗੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ 3 ਦਸੰਬਰ ਨੂੰ ਫਰੀਦਕੋਟ ਵਿਖੇ ਅੰਤਰਰਾਸਟਰੀ ਦਿਵਿਆਂਗ ਦਿਵਸ ਮੌਕੇ ਆਯੋਜਿਤ ਕੀਤੇ ਜਾਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਕੁੱਲ 9 ਵਿਅਕਤੀਆਂ ਅਤੇ 4 ਸੰਸਥਾਵਾਂ ਨੂੰ ਚਾਰ ਵੱਖ-ਵੱਖ ਸ਼੍ਰੇਣੀਆਂ ਸਰਵਉੱਤਮ ਕਰਮਚਾਰੀ, ਸਰਵਉੱਤਮ ਰੁਜ਼ਗਾਰਦਾਤਾ, ਸਰਵਉੱਤਮ ਖਿਡਾਰੀ ਅਤੇ ਸਰਵਉੱਤਮ ਸੰਸਥਾ ਜਾਂ ਦਿਵਿਆਂਗਜਨਾਂ ਦੀ ਭਲਾਈ ਲਈ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰੇਕ ਪੁਰਸਕਾਰ ਜੇਤੂ ਨੂੰ 10,000 ਰੁਪਏ ਦਾ ਨਕਦ ਇਨਾਮ ਅਤੇ ਇੱਕ ਸਰਟੀਫਿਕੇਟ ਦਿੱਤਾ ਜਾਵੇਗਾ।
ਡਾ. ਬਲਜੀਤ ਕੌਰ ਨੇ ਵੱਖ-ਵੱਖ ਪਹਿਲਕਦਮੀਆਂ ਰਾਹੀਂ ਦਿਵਿਆਂਗਜਨਾਂ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੀ ਵਚਨਬੱਧਤਾ ‘ਤੇ ਜ਼ੋਰ ਦਿੱਤਾ, ਉਨ੍ਹਾਂ ਕਿਹਾ ਕਿ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫਤ ਯਾਤਰਾ ਦੀ ਸਹੂਲਤ ਸਬੰਧੀ ਨੋਟੀਫਿਕੇਸ਼ਨ ਜਲਦੀ ਹੀ ਜਾਰੀ ਕੀਤਾ ਜਾਵੇਗਾ। ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਬੱਸਾਂ ‘ਤੇ ਦਿਵਿਆਂਗਜਨਾਂ ਲਈ ਕਿਰਾਏ ‘ਤੇ 50 ਫੀਸਦੀ ਰਿਆਇਤ, 2023-24 ਵਿੱਚ 2.19 ਰੁਪਏ ਕਰੋੜ ਦੀ ਲਾਗਤ ਨਾਲ 7.5 ਲੱਖ ਤੋਂ ਵੱਧ ਦਿਵਿਆਂਗਜਨਾਂ ਨੂੰ ਲਾਭ ਪਹੁੰਚਾਇਆ ਗਿਆ ਹੈ। ਚਾਲੂ ਵਿੱਤੀ ਵਰ੍ਹੇ 2024-25 ਵਿੱਚ ਰਾਜ ਪੈਨਸ਼ਨ ਯੋਜਨਾ ਦੇ ਤਹਿਤ 265,694 ਦਿਵਿਆਂਗਜਨਾਂ ਨੂੰ 278.17 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ। ਬੱਚਿਆਂ ਵਿੱਚ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ 12,607 ਦਿਵਿਆਂਗਜਨਾਂ ਨੂੰ ਵਜ਼ੀਫੇ ਵਜੋਂ 3.37 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ।
ਉਨ੍ਹਾਂ ਕਿਹਾ ਕਿ ਸਪਾਂਸਰਸ਼ਿਪ ਸਕੀਮ ਅਧੀਨ ਬਾਲ ਮਜ਼ਦੂਰੀ ਅਤੇ ਹਿੰਸਾ ਦਾ ਮੁਕਾਬਲਾ ਕਰਨ ਲਈ 100% ਦਿਵਿਆਂਗਜਨਾਂ ਦੇ ਪਰਿਵਾਰਾਂ ਦੇ ਸਕੂਲ ਜਾਣ ਵਾਲੇ ਬੱਚਿਆਂ ਨੂੰ 4000 ਰੁਪਏ ਪ੍ਰਤੀ ਮਹੀਨਾ ਵਜ਼ੀਫ਼ਾ ਦਿੱਤਾ ਜਾਂਦਾ ਹੈ।
ਇਸ ਤੋਂ ਇਲਾਵਾ, ਪੰਜਾਬ ਸਰਕਾਰ ਨੇ ਸਿਪਡਾ ਸਕੀਮ ਦੇ ਤਹਿਤ ਦਿਵਿਆਂਗਜਨਾਂ ਲਈ 144 ਸਰਕਾਰੀ ਇਮਾਰਤਾਂ ਵਿੱਚ ਪਹੁੰਚਯੋਗਤਾ ਨੂੰ ਵਧਾਉਣ ਲਈ 23.16 ਕਰੋੜ ਰੁਪਏ ਜਾਰੀ ਕੀਤੇ ਹਨ। ਰਾਜ ਦੇ ਵੱਖ-ਵੱਖ ਵਿਭਾਗਾਂ ਵਿੱਚ ਦਿਵਿਆਂਗਜਨਾਂ ਲਈ ਖਾਲੀ ਅਸਾਮੀਆਂ ਦੇ ਬੈਕਲਾਗ ਨੂੰ ਹੱਲ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਵਿੱਚ ਸਿੱਧੀ ਭਰਤੀ ਲਈ 1,754 ਅਸਾਮੀਆਂ ਅਤੇ ਤਰੱਕੀ ਲਈ 556 ਅਸਾਮੀਆਂ ਦੀ ਪਛਾਣ ਕੀਤੀ ਗਈ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਲੁਧਿਆਣਾ ਵਿੱਚ ਟੀ.ਸੀ.ਟੀ.ਵੀ.ਐਚ ਕੇਂਦਰ ਨੂੰ ਨੇਤਰਹੀਣ ਵਿਅਕਤੀਆਂ ਲਈ ਵਿਸ਼ੇਸ਼ ਸਿੱਖਿਆ ਪ੍ਰਦਾਨ ਕਰਨ ਲਈ ਪ੍ਰਵਾਨਗੀ ਪ੍ਰਾਪਤ ਕੀਤੀ ਹੈ, ਨਾਲ ਹੀ ਲੁਧਿਆਣਾ ਵਿੱਚ ਨੇਤਰਹੀਣ ਸਕੂਲ ਨੂੰ ਅਪਗ੍ਰੇਡ ਕਰਨ ਲਈ 1.67 ਕਰੋੜ ਰੁਪਏ ਅਲਾਟ ਕੀਤੇ ਗਏ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ, ਮਹਿਲਾਵਾਂ, ਬਜੁਰਗਾਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਅਤੇ ਸਮਾਜ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਮਾਨਤਾ ਦੇ ਕੇ ਸਸ਼ਕਤ ਕਰਨ ਦੇ ਆਪਣੇ ਮਿਸ਼ਨ ਵਿੱਚ ਦ੍ਰਿੜ ਹੈ।