ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 30 ਅਕਤੂਬਰ 2026: ਪੰਜਾਬ ਦੀਆਂ ਮੰਡੀਆਂ ‘ਚ ਸਰਕਾਰੀ ਏਜੰਸੀਆਂ ਵੱਲੋਂ ਝੋਨੇ ਦੀ ਕੁੱਲ ਖਰੀਦ 101.96 ਲੱਖ ਮੀਟ੍ਰਿਕ ਟਨ (LMT) ਤੋਂ ਵੱਧ ਹੋ ਗਈ ਹੈ। ਪੰਜਾਬ ਸਰਕਾਰ ਮੁਤਾਬਕ ਇਸ ਤੋਂ ਇਲਾਵਾ, 4.71 ਲੱਖ ਕਿਸਾਨਾਂ ਦੇ ਬੈਂਕ ਖਾਤਿਆਂ ‘ਚ 20,713.24 ਕਰੋੜ ਰੁਪਏ ਤੋਂ ਵੱਧ ਦੀ ਰਕਮ ਜਮ੍ਹਾਂ ਕਰਵਾਈ ਗਈ ਹੈ।

ਇਸ ਸੰਬੰਧੀ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੂਬੇ ‘ਚ ਚੱਲ ਰਹੇ ਝੋਨੇ ਦੇ ਖਰੀਦ ਸੀਜ਼ਨ ਦੀ ਸਮੀਖਿਆ ਲਈ ਬੁਲਾਈ ਬੈਠਕ ਦੌਰਾਨ ਕਿਹਾ। ਉਨ੍ਹਾਂ ਦੱਸਿਆ ਕਿ ਹੁਣ ਤੱਕ 70 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਕੀਤੀ ਜਾ ਚੁੱਕੀ ਹੈ, ਜੋ ਕਿ 72 ਘੰਟਿਆਂ ਦੇ ਚੱਕਰ ਅਨੁਸਾਰ ਟੀਚੇ ਦਾ ਲਗਭਗ 86 ਫੀਸਦੀ ਹੈ।

ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ, ਸੂਬੇ ‘ਚ 2,500 ਤੋਂ ਵੱਧ ਮੰਡੀਆਂ ਚਾਲੂ ਹਨ, ਅਤੇ ਕਿਸਾਨਾਂ ਦੀ ਉਪਜ ਨੂੰ 2,461 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (MSP) ‘ਤੇ ਖਰੀਦਿਆ ਜਾ ਰਿਹਾ ਹੈ।

ਲਾਲਾ ਚੰਦ ਕਟਾਰੂਚੱਕ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਆਸਾਨੀ ਨਾਲ ਪ੍ਰਾਪਤ ਕਰ ਲਵੇਗੀ। ਕੈਬਿਨਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਬਾਹਰੀ ਸੂਬਿਆਂ ਤੋਂ ਝੋਨਾ ਪੰਜਾਬ ਦੀਆਂ ਮੰਡੀਆਂ ‘ਚ ਨਾ ਵੇਚਿਆ ਜਾਵੇ। ਉਨ੍ਹਾਂ ਖੇਤੀਬਾੜੀ ਸੈਕਟਰ ਦੇ ਹਿੱਤਾਂ ਦੀ ਰਾਖੀ ਲਈ ਇਸ ਸਬੰਧ ‘ਚ ਸਖ਼ਤ ਨਿਗਰਾਨੀ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੁਆਰਾ ਪੈਦਾ ਕੀਤੇ ਗਏ ਮਿਹਨਤ ਨਾਲ ਕਮਾਏ ਅਨਾਜ ਦੇ ਹਰ ਦਾਣੇ ਨੂੰ ਖਰੀਦਣ ਲਈ ਵਚਨਬੱਧ ਹੈ।

Leave a Reply

Your email address will not be published. Required fields are marked *