ਸਰਾਭਾ (ਲੁਧਿਆਣਾ), 16 ਨਵੰਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 111ਵੇਂ ‘ਸ਼ਹੀਦੀ ਦਿਵਸ’ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਪਹੁੰਚ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਕਿਹਾ ਕਿ ਨਿਆਂ, ਬਰਾਬਰੀ , ਮਾਨਵਤਾ ਅਤੇ ਤਰੱਕੀ ‘ਤੇ ਆਧਾਰਿਤ ਸਮਾਜ ਦੀ ਸਿਰਜਣਾ ਕਰਨਾ ਹੀ ਦੇਸ਼ ਦੀ ਆਜ਼ਾਦੀ ਲਈ ਫਾਂਸੀ ਦੇ ਰੱਸੇ ਨੂੰ ਚੁੰਮਣ ਵਾਲੇ ਇਸ 19 ਸਾਲਾ ਇਨਕਲਾਬੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਨੂੰ ਇੱਕ ਨਵਾਂ ‘ਆਮ ਆਦਮੀ ਕਲੀਨਿਕ’ ਸਮਰਪਿਤ ਕੀਤਾ ਅਤੇ ਪਿੰਡ ਦੇ ਸਪੋਰਟਸ ਕਲੱਬ ਨੂੰ 51 ਲੱਖ ਰੁਪਏ ਦੀ ਗ੍ਰਾਂਟ ਸੌਂਪੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਸ਼ਹੀਦ ਕਰਤਾਰ ਸਿੰਘ ਸਰਾਭਾ ਨੇ ਮਹਿਜ਼ 19 ਸਾਲ ਦੀ ਉਮਰ ‘ਚ ਫਾਂਸੀ ਦਾ ਰੱਸਾ ਚੁੰਮ ਲਿਆ ਸੀ, ਜਿਸ ਤੋਂ ਸਾਬਤ ਹੁੰਦਾ ਹੈ ਕਿ ਹਿੰਮਤ, ਦ੍ਰਿੜ੍ਹ ਇਰਾਦੇ ਅਤੇ ਮਾਤ-ਭੂਮੀ ਲਈ ਪਿਆਰ ਦੀ ਕੋਈ ਉਮਰ ਨਹੀਂ ਹੁੰਦੀ।
ਉਨ੍ਹਾਂ ਨੇ ਸਾਡੀ ਆਜ਼ਾਦੀ ਲਈ ਆਪਣੀ ਜਵਾਨੀ, ਆਪਣੇ ਸੁਪਨੇ ਅਤੇ ਅੰਤ ‘ਚ ਆਪਣੀ ਜਾਨ ਕੁਰਬਾਨ ਕਰ ਦਿੱਤੀ। ਅਸੀਂ ਅਜਿਹੇ ਸ਼ਹੀਦਾਂ ਦਾ ਕਰਜ਼ ਕਦੇ ਨਹੀਂ ਉਤਾਰ ਸਕਦੇ, ਪਰ ਪੰਜਾਬ ਅਤੇ ਦੇਸ਼ ਦੀ ਤਰੱਕੀ ਲਈ ਖੁਦ ਨੂੰ ਸਮਰਪਿਤ ਕਰਕੇ ਅਸੀਂ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਜ਼ਰੂਰ ਭੇਟ ਸਕਦੇ ਹਾਂ।
ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦੀ ਦਿਹਾੜਾ ਸਿਰਫ਼ ਰਸਮੀ ਸਮਾਗਮ ਨਹੀਂ ਹੁੰਦੇ, ਸਗੋਂ ਇਹ ਉਨ੍ਹਾਂ ਜ਼ਿੰਮੇਵਾਰੀਆਂ ਦੀ ਯਾਦ ਦਿਵਾਉਂਦੇ ਹਨ ਜੋ ਹਰ ਪੀੜ੍ਹੀ ਲਈ ਦੇਸ਼ ਪ੍ਰਤੀ ਬਣਦੀਆਂ ਹਨ। ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਮਹਾਨ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਲਈ ਹਮੇਸ਼ਾ ਪ੍ਰੇਰਨਾ ਦਾ ਸਦੀਵੀ ਸਰੋਤ ਬਣੀ ਰਹੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਪੰਜਾਬ ‘ਚ ਆਪਣੀ ਮੁੱਢਲੀ ਸਿੱਖਿਆ ਪੂਰੀ ਕਰਨ ਤੋਂ ਬਾਅਦ, ਸ਼ਹੀਦ ਕਰਤਾਰ ਸਿੰਘ ਸਰਾਭਾ ਅਮਰੀਕਾ ਗਏ ਅਤੇ ਉੱਥੇ ਯੂਨੀਵਰਸਿਟੀ ਆਫ਼ ਕੈਲੀਫੋਰਨੀਆ, ਬਰਕਲੇ ਵਿਖੇ ਪੜ੍ਹਾਈ ਕੀਤੀ। ਹਾਲਾਂਕਿ, ਨਿੱਜੀ ਸੁੱਖ-ਸਹੂਲਤਾਂ ਅਤੇ ਸੁਰੱਖਿਅਤ ਭਵਿੱਖ ਦੀ ਭਾਲ ਕਰਨ ਦੀ ਬਜਾਏ, ਉਨ੍ਹਾਂ ਨੇ ਲਾਲਾ ਹਰਦਿਆਲ, ਬਾਬਾ ਜਵਾਲਾ ਸਿੰਘ, ਬਾਬਾ ਵਸਾਖਾ ਸਿੰਘ ਅਤੇ ਬਾਬਾ ਸੋਹਣ ਸਿੰਘ ਭਕਨਾ ਵਰਗੇ ਇਨਕਲਾਬੀ ਦੇਸ਼ ਭਗਤਾਂ ਦੇ ਸੰਪਰਕ ‘ਚ ਆਉਣ ਤੋਂ ਬਾਅਦ ਖ਼ੁਦ ਨੂੰ ਆਜ਼ਾਦੀ ਸੰਗਰਾਮ ਲਈ ਸਮਰਪਿਤ ਕਰ ਦਿੱਤਾ।”
ਉਨ੍ਹਾਂ ਨੇ ਕਿਹਾ, “16 ਨਵੰਬਰ 1915 ਨੂੰ ਪਹਿਲੇ ਲਾਹੌਰ ਸਾਜ਼ਿਸ਼ ਮੁਕੱਦਮੇ ਤਹਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਛੇ ਹੋਰ ਇਨਕਲਾਬੀਆਂ ਸਮੇਤ ਲਾਹੌਰ ਕੇਂਦਰੀ ਜੇਲ੍ਹ ‘ਚ ਫਾਂਸੀ ਦੇ ਦਿੱਤੀ ਸੀ। ਦੇਸ਼ ਦੀ ਆਜ਼ਾਦੀ ਪ੍ਰਤੀ ਉਨ੍ਹਾਂ ਦੀ ਦ੍ਰਿੜਤਾ, ਦੇਸ਼ ਭਗਤੀ ਅਤੇ ਨਿਰਸਵਾਰਥ ਸੇਵਾ ਦੀ ਇੱਕ ਸ਼ਾਨਦਾਰ ਮਿਸਾਲ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ‘ਤੇ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਬੱਚੇ, ਵਿਦਿਆਰਥੀ ਅਤੇ ਹਰ ਵਰਗ ਦੇ ਲੋਕ ਧਰਤੀ ਦੇ ਇਸ ਮਹਾਨ ਸਪੂਤ ਬਾਰੇ ਜਾਣ ਸਕਣ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰ ਸਕਣ।”
ਉਨ੍ਹਾਂ ਕਿਹਾ, “ਛੋਟੇ ਸਾਹਿਬਜ਼ਾਦਿਆਂ ਦੇ ਹੱਕ ‘ਚ ‘ਹਾਅ ਦਾ ਨਾਅਰਾ’ ਦੇਣ ਵਾਲੇ ਮਾਲੇਰਕੋਟਲਾ ਦੇ ਨਵਾਬ ਦੇ ਯੋਗਦਾਨ ਨੂੰ ਪੂਰੇ ਮਾਣ-ਸਤਿਕਾਰ ਨਾਲ ਯਾਦ ਰੱਖਿਆ ਜਾਣਾ ਚਾਹੀਦਾ ਹੈ। ਵਿਦਿਆਰਥੀਆਂ ਨੂੰ ਮਨੁੱਖਤਾ ਦੀ ਭਲਾਈ ਲਈ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਵੀ ਪੜ੍ਹਾਇਆ ਜਾਣਾ ਚਾਹੀਦਾ ਹੈ। ਪੰਜਾਬ ਦਾ ਇਤਿਹਾਸ ਸਿਰਫ਼ ਬੀਤੇ ਸਮੇਂ ਦਾ ਰਿਕਾਰਡ ਨਹੀਂ, ਸਗੋਂ ਇੱਕ ਵੱਡਮੁੱਲੀ ਵਿਰਾਸਤ ਹੈ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਬੇਇਨਸਾਫ਼ੀ, ਜ਼ੁਲਮ ਅਤੇ ਵਿਤਕਰੇ ਵਿਰੁੱਧ ਡੱਟ ਕੇ ਖੜ੍ਹਨ ਲਈ ਪ੍ਰੇਰਿਤ ਕਰਦੀ ਹੈ।”
ਇਸ ਮੌਕੇ ਮੁੱਖ ਮੰਤਰੀ ਨੇ ਪਿੰਡ ਸਰਾਭਾ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਨੂੰ ਲੋਕਾਂ ਨੂੰ ਸਮਰਪਿਤ ਕੀਤਾ। 40 ਲੱਖ ਰੁਪਏ ਦੀ ਲਾਗਤ ਨਾਲ ਬਣੇ ਇਸ ਕਲੀਨਿਕ ‘ਚ ਮਾਹਿਰ ਡਾਕਟਰਾਂ ਵੱਲੋਂ ਮੁਫ਼ਤ ਡਾਕਟਰੀ ਸਲਾਹ, ਇਲਾਜ, ਜ਼ਰੂਰੀ ਦਵਾਈਆਂ, ਲੈਬਾਰਟਰੀ ਟੈਸਟ, ਬਿਮਾਰੀਆਂ ਦੀ ਜਾਂਚ ਅਤੇ ਵਿਸ਼ੇਸ਼ ਇਲਾਜ ਲਈ ਰੈਫਰਲ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਮੁੱਖ ਮੰਤਰੀ ਨੇ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ‘ਚ ਪਹਿਲਾਂ ਹੀ 187 ਆਮ ਆਦਮੀ ਕਲੀਨਿਕ ਚੱਲ ਰਹੇ ਹਨ, ਜਦੋਂ ਕਿ 27 ਹੋਰ ਕਲੀਨਿਕ ਉਸਾਰੀ ਅਧੀਨ ਹਨ ਜੋ ਜਲਦੀ ਹੀ ਮੁਕੰਮਲ ਕਰ ਲਏ ਜਾਣਗੇ।