ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਮਰਾਲਾ, 22 ਨਵੰਬਰ 2026 (ਦੀ ਪੰਜਾਬ ਵਾਇਰ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ‘ਤੇ ਤਿੱਖਾ ਹਮਲਾ ਕਰਦਿਆਂ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਲਈ ਉਨ੍ਹਾਂ ਦੀਆਂ ਨੀਤੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਆਖਿਆ ਕਿ ਸਾਡੀ ਸਰਕਾਰ ਲੋਕ ਭਲਾਈ ਨੂੰ ਸਭ ਤੋਂ ਉੱਪਰ ਰੱਖ ਕੇ ਅਤੇ ਪੰਜਾਬ ਨੂੰ ਨੰਬਰ ਇੱਕ ਬਣਾ ਕੇ ਉਸ ਨੁਕਸਾਨ ਦੀ ਭਰਪਾਈ ਕਰਨ ਲਈ ਵਚਨਬੱਧ ਹੈ। ਸਿਆਸਤ ਵਿੱਚ ਦੌਲਤ ਇਕੱਠੀ ਕਰਨ ਲਈ ਨਹੀਂ, ਸਗੋਂ ਸਕਾਰਾਤਮਕ ਤਬਦੀਲੀ ਲਈ ਆਉਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਉਨ੍ਹਾਂ ਲੋਕਾਂ ਦੇ ਭਰੋਸੇ ਨੂੰ ਕਦੇ ਨਹੀਂ ਤੋੜਨਗੇ, ਜਿਨ੍ਹਾਂ ਨੇ ਇੱਕ ਅਧਿਆਪਕ ਦੇ ਪੁੱਤਰ ਨੂੰ ਮੁੱਖ ਮੰਤਰੀ ਬਣਾਇਆ ਹੈ। ਸਮਰਾਲਾ ਦੇ ਪਿੰਡ ਹੇਡੋਂ ਬੇਟ ਵਿਖੇ ‘ਲੋਕ ਮਿਲਣੀ‘ ਪ੍ਰੋਗਰਾਮ ਦੌਰਾਨ ਉਨ੍ਹਾਂ ਪਿੰਡ ਦੇ ਸਰਬਪੱਖੀ ਵਿਕਾਸ ਲਈ 51 ਲੱਖ ਰੁਪਏ ਦੀ ਗ੍ਰਾਂਟ ਦੇ ਕੇ ਆਪਣੀ ਇਸ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ, ਜਿਸ ਵਿੱਚ ਡਿਸਪੈਂਸਰੀ, ਖੇਡ ਮੈਦਾਨ, ਕਮਿਊਨਿਟੀ ਸੈਂਟਰ, ਆਂਗਣਵਾੜੀ ਸੈਂਟਰ ਅਤੇ ਸੀਵਰੇਜ ਢਾਂਚੇ ਦਾ ਵਿਕਾਸ ਸ਼ਾਮਲ ਹੈ।

ਐਕਸ ‘ਤੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਮਰਾਲਾ ਦੇ ਪਿੰਡ ਹੇਡੋਂ ਬੇਟ ਵਿਖੇ ‘ਲੋਕ ਮਿਲਣੀ‘ ਪ੍ਰੋਗਰਾਮ ਦੌਰਾਨ ਲੋਕਾਂ ਵੱਲੋਂ ਮਿਲਿਆ ਭਰਵਾਂ ਹੁੰਗਾਰਾ ਬੇਹੱਦ ਉਤਸ਼ਾਹਜਨਕ ਸੀ। ਸਾਡਾ ਯਤਨ ਹਰ ਪਿੰਡ ਤੱਕ ਪਹੁੰਚਣਾ ਅਤੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਤੇ ਸਮੱਸਿਆਵਾਂ ਨੂੰ ਸਿੱਧੇ ਤੌਰ ‘ਤੇ ਹੱਲ ਕਰਨਾ ਹੈ। ਸਾਡੇ ਪਿੰਡਾਂ ਦੀ ਨੁਹਾਰ ਬਦਲਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਅੱਜ ਹੇਡੋਂ ਬੇਟ ਦੇ ਸਰਬਪੱਖੀ ਵਿਕਾਸ ਲਈ ਗ੍ਰਾਮ ਪੰਚਾਇਤ ਨੂੰ 51 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਸੌਂਪਿਆ ਗਿਆ ਹੈ, ਜਿਸ ਵਿੱਚ ਡਿਸਪੈਂਸਰੀ, ਖੇਡ ਮੈਦਾਨ, ਕਮਿਊਨਿਟੀ ਸੈਂਟਰ, ਆਂਗਣਵਾੜੀ ਸੈਂਟਰ ਅਤੇ ਪਾਣੀ ਦੀ ਨਿਕਾਸੀ ਦੀਆਂ ਬਿਹਤਰ ਸਹੂਲਤਾਂ ਸ਼ਾਮਲ ਹਨ। ਲੋਕਾਂ ਦੇ ਸਹਿਯੋਗ ਅਤੇ ਸਮਰਥਨ ਨਾਲ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਵੱਲ ਇਹ ਸਫ਼ਰ ਜਾਰੀ ਰਹੇਗਾ।

ਸਮਰਾਲਾ ਵਿਧਾਨ ਸਭਾ ਹਲਕੇ ਵਿੱਚ ‘ਲੋਕ ਮਿਲਣੀ‘ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਨਿੱਜੀ ਮੁਨਾਫ਼ੇਖੋਰੀ ਦੀ ਸਿਆਸਤ ਨੂੰ ਖ਼ਤਮ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਜਨਤਾ ਦਾ ਇੱਕ-ਇੱਕ ਪੈਸਾ ਆਮ ਲੋਕਾਂ ਦੀ ਭਲਾਈ ‘ਤੇ ਖ਼ਰਚ ਹੋਵੇ। ਸਾਡੀ ਸਰਕਾਰ ਇੱਕ ਖ਼ੁਸ਼ਹਾਲ ਸੂਬਾ ਸਿਰਜਣ ਲਈ ਸਿੱਖਿਆ, ਸਿਹਤ ਸੰਭਾਲ, ਰੋਜ਼ਗਾਰ, ਸਿੰਜਾਈ, ਬੁਨਿਆਦੀ ਢਾਂਚੇ ਅਤੇ ਮਹਿਲਾ ਸ਼ਕਤੀਕਰਨ ਨੂੰ ਤਰਜੀਹ ਦੇ ਰਹੀ ਹੈ।”

ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਸ਼ਾਸਨ ਦੌਰਾਨ ਸਿਸਟਮ ਵਿੱਚ ਭ੍ਰਿਸ਼ਟਾਚਾਰ ਡੂੰਘੀਆਂ ਜੜ੍ਹਾਂ ਜਮ੍ਹਾ ਚੁੱਕਾ ਸੀ ਅਤੇ ਸਿਆਸੀ ਆਗੂ ਖਾਣ-ਪੀਣ ਦੀਆਂ ਦੁਕਾਨਾਂ, ਹੋਟਲਾਂ ਅਤੇ ਟਰਾਂਸਪੋਰਟ ਸੇਵਾਵਾਂ ਵਰਗੇ ਛੋਟੇ ਕਾਰੋਬਾਰਾਂ ਅਤੇ ਅਦਾਰਿਆਂ ਤੋਂ ਵੀ ਕਮਿਸ਼ਨ ਮੰਗਦੇ ਸਨ। ਉਨ੍ਹਾਂ ਕਿਹਾ, “ਆਰਥਿਕ ਵਿਕਾਸ ਨੂੰ ਸੁਖਾਲਾ ਬਣਾਉਣ ਅਤੇ ਮੌਕੇ ਪੈਦਾ ਕਰਨ ਦੀ ਬਜਾਏ ਇਨ੍ਹਾਂ ਸਰਕਾਰਾਂ ਨੇ ਆਪਣੇ ਨਿੱਜੀ ਸਵਾਰਥਾਂ ਰਾਹੀਂ ਆਮ ਲੋਕਾਂ ਦਾ ਜਿਊਣਾ ਦੁੱਭਰ ਕਰ ਦਿੱਤਾ ਸੀ। ਜਨਤਾ ਦਾ ਪੈਸਾ ਲੋਕਾਂ ਦਾ ਹੈ ਅਤੇ ਇਸ ਦੀ ਵਰਤੋਂ ਉਨ੍ਹਾਂ ਦੀ ਭਲਾਈ ਲਈ ਹੀ ਹੋਣੀ ਚਾਹੀਦੀ ਹੈ। ਇਸ ਨੂੰ ਸਿਆਸੀ ਆਗੂਆਂ ਦੀ ਲਾਲਸਾ ਪੂਰੀ ਕਰਨ ਲਈ ਖੁਰਦ-ਬੁਰਦ ਕਰਨ ਦੀ ਬਜਾਏ ਸਕੂਲਾਂ, ਹਸਪਤਾਲਾਂ, ਸੜਕਾਂ, ਸਿੰਜਾਈ ਸਹੂਲਤਾਂ ਅਤੇ ਹੋਰ ਜ਼ਰੂਰੀ ਬੁਨਿਆਦੀ ਢਾਂਚੇ ‘ਤੇ ਨਿਵੇਸ਼ ਕੀਤਾ ਜਾਣਾ ਚਾਹੀਦਾ ਹੈ।”

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਤਨਜ਼ ਕਸਦਿਆਂ ਉਨ੍ਹਾਂ ਅਕਾਲੀ ਲੀਡਰਸ਼ਿਪ ਦੇ ਸਿਆਸੀ ਸਟੈਂਡ ‘ਤੇ ਸਵਾਲ ਉਠਾਏ ਅਤੇ ਕਿਹਾ ਕਿ ਜਿਹੜੇ ਆਗੂ ਪਹਿਲਾਂ ਕਈ ਮੁੱਦਿਆਂ ‘ਤੇ ਭਾਜਪਾ ਦੀ ਆਲੋਚਨਾ ਕਰਦੇ ਸਨ, ਉਹ ਹੁਣ ਉਸੇ ਪਾਰਟੀ ਨਾਲ ਗਠਜੋੜ ਕਰਨ ਲਈ ਤਰਲੋਮੱਛੀ ਹੋ ਰਹੇ ਹਨ। ਉਨ੍ਹਾਂ ਅੱਗੇ ਕਿਹਾ, “ਅਜਿਹੇ ਆਗੂਆਂ ਦੇ ਬਦਲਦੇ ਸਿਆਸੀ ਸਟੈਂਡ ਇਹ ਦਰਸਾਉਂਦੇ ਹਨ ਕਿ ਕਿਵੇਂ ਸਿਆਸੀ ਅਹੁਦਿਆਂ ਨੂੰ ਵਾਰ-ਵਾਰ ਜਨਤਕ ਹਿੱਤਾਂ ਤੋਂ ਉੱਪਰ ਰੱਖਿਆ ਗਿਆ ਹੈ।”

ਉਨ੍ਹਾਂ ਅਜਿਹੇ ਆਗੂਆਂ ਦੀ ਭਰੋਸੇਯੋਗਤਾ ‘ਤੇ ਵੀ ਸਵਾਲ ਚੁੱਕੇ, ਜੋ ਆਪਣੇ ਨਿੱਜੀ ਅਤੇ ਸਿਆਸੀ ਹਿੱਤਾਂ ਅਨੁਸਾਰ ਲਗਾਤਾਰ ਸਿਆਸੀ ਪਾਰਟੀਆਂ ਬਦਲਦੇ ਰਹਿੰਦੇ ਹਨ ਅਤੇ ਕਿਹਾ ਕਿ ਪੰਜਾਬ ਨੂੰ ਸਿਆਸੀ ਮੌਕਾਪ੍ਰਸਤੀ ਦੀ ਬਜਾਏ ਲੋਕ ਸੇਵਾ ਨੂੰ ਸਮਰਪਿਤ ਲੀਡਰਸ਼ਿਪ ਦੀ ਲੋੜ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਲੋਕਾਂ ਨੂੰ ਬੁਨਿਆਦੀ ਢਾਂਚਾ ਵੀ ਮੁਹੱਈਆ ਕਰਵਾਉਣ ਵਿੱਚ ਅਸਫ਼ਲ ਰਹੀਆਂ, ਜਿਸ ਕਾਰਨ ਲੋਕਾਂ ਨੂੰ ਖਸਤਾ ਹਾਲ ਸੜਕਾਂ ਅਤੇ ਨਾਕਾਫ਼ੀ ਨਾਗਰਿਕ ਸਹੂਲਤਾਂ ਨਾਲ ਜੂਝਣਾ ਪਿਆ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵਿਅੰਗ ਕਸਦਿਆਂ ਉਨ੍ਹਾਂ ਕਿਹਾ ਕਿ ਜਨਤਾ ਤੋਂ ਦੂਰ ਰਹਿਣ ਵਾਲੇ ਆਗੂਆਂ ਦੇ ਉਲਟ ਸਾਡੀ ਸਰਕਾਰ ਲੋਕਾਂ ਤੱਕ ਪਹੁੰਚ ਕਰਨ, ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ ‘ਤੇ ਹੱਲ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ, “ਪਿਛਲੇ ਹਾਕਮਾਂ ਨੇ ਖ਼ੁਦ ਨੂੰ ਆਪਣੇ ਆਲੀਸ਼ਾਨ ਮਹਿਲਾਂ ਦੀਆਂ ਉੱਚੀਆਂ ਕੰਧਾਂ ਪਿੱਛੇ ਕੈਦ ਕਰ ਲਿਆ ਸੀ ਅਤੇ ਜ਼ਮੀਨੀ ਹਕੀਕਤਾਂ ਤੋਂ ਪੂਰੀ ਤਰ੍ਹਾਂ ਕੱਟੇ ਰਹੇ। ਅਖ਼ੀਰ ਲੋਕਾਂ ਨੇ ਉਨ੍ਹਾਂ ਨੂੰ ਨਕਾਰ ਦਿੱਤਾ। ਸਾਡੀ ਸਰਕਾਰ ਲੋਕਾਂ ਨੂੰ ਸਿੱਧੇ ਮਿਲਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਵਿੱਚ ਵਿਸ਼ਵਾਸ ਰੱਖਦੀ ਹੈ।

Leave a Reply

Your email address will not be published. Required fields are marked *