ਖੇਤੀਬਾੜੀ ਮੰਤਰੀ ਨੇ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ ‘ਤੇ ਚਰਚਾ ਲਈ ਕਿਸਾਨਾਂ ਅਤੇ ਸਬੰਧਤ ਭਾਈਵਾਲਾਂ ਨਾਲ ਹੰਗਾਮੀ ਮੀਟਿੰਗ ਸੱਦੀ

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਦੇ ਖਰੜੇ ‘ਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸੰਜੀਦਗੀ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਇਸ ਸਬੰਧੀ ਸਲਾਹ-ਮਸ਼ਵਰੇ ਅਤੇ ਚਰਚਾ ਲਈ ਇਸੇ ਹਫ਼ਤੇ ਕਿਸਾਨਾਂ ਅਤੇ ਸਬੰਧਤ ਭਾਈਵਾਲਾਂ ਨਾਲ ਮੀਟਿੰਗ ਸੱਦਣ ਦਾ ਫੈਸਲਾ ਕੀਤਾ ਹੈ।

ਸ. ਗੁਰਮੀਤ ਸਿੰਘ ਖੁੱਡੀਆਂ, ਜਿਨ੍ਹਾਂ ਨਾਲ ਵਧੀਕ ਮੁੱਖ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਸ੍ਰੀ ਅਨੁਰਾਗ ਵਰਮਾ, ਪੰਜਾਬ ਰਾਜ ਕਿਸਾਨ ਤੇ ਖੇਤ ਮਜ਼ਦੂਰ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ, ਸਕੱਤਰ ਪੰਜਾਬ ਮੰਡੀ ਬੋਰਡ ਸ੍ਰੀ ਰਾਮਵੀਰ ਵੀ ਮੌਜੂਦ ਸਨ, ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਸਾਨਾਂ ਦੇ ਨੁਮਾਇੰਦਿਆਂ, ਖੇਤੀ ਮਾਹਿਰਾਂ ਅਤੇ ਹੋਰ ਭਾਈਵਾਲਾਂ ਨਾਲ ਤੁਰੰਤ ਮੀਟਿੰਗ ਬੁਲਾ ਕੇ ਭਾਰਤ ਸਰਕਾਰ ਵੱਲੋਂ ਸਾਂਝੇ ਕੀਤੇ ਗਏ ਨੀਤੀ ਦੇ ਖਰੜੇ ਦਾ ਗੰਭੀਰਤਾ ਨਾਲ ਅਧਿਐਨ ਅਤੇ ਸਲਾਹ-ਮਸ਼ਵਰਾ ਕਰਨ ਲਈ ਕਿਹਾ ਹੈ।

ਉਨ੍ਹਾਂ ਕਿਹਾ ਕਿ ਇਸ ਨੀਤੀ ਦੇ ਖਰੜੇ ਦਾ ਡੂੰਘਾਈ ਨਾਲ ਅਧਿਐਨ ਕਰਨ ਅਤੇ ਸਬੰਧਤ ਭਾਈਵਾਲਾਂ ਨਾਲ ਸਲਾਹ-ਮਸ਼ਵਰੇ ਦੀ ਲੋੜ ਹੈ ਕਿਉਂਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਇਸਦੇ ਪੰਜਾਬ ਅਤੇ ਇਸ ਦੇ ਕਿਸਾਨਾਂ ਲਈ ਗੰਭੀਰ ਪ੍ਰਭਾਵ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਨੀਤੀ ਦੇ ਖਰੜੇ ‘ਤੇ ਟਿੱਪਣੀਆਂ ਭੇਜਣ ਲਈ ਘੱਟੋ-ਘੱਟ ਤਿੰਨ ਹਫ਼ਤਿਆਂ ਦਾ ਸਮਾਂ ਦੇਣ ਵਾਸਤੇ ਉਪ ਖੇਤੀਬਾੜੀ ਮੰਡੀਕਰਨ ਸਲਾਹਕਾਰ ਅਤੇ ਡਰਾਫਟ ਕਮੇਟੀ, ਭਾਰਤ ਸਰਕਾਰ ਦੇ ਕਨਵੀਨਰ ਡਾ. ਐੱਸ.ਕੇ. ਸਿੰਘ ਨੂੰ ਪਹਿਲਾਂ ਹੀ ਪੱਤਰ ਭੇਜਿਆ ਜਾ ਚੁੱਕਾ ਹੈ।

ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦ੍ਰਿੜ੍ਹ ਸਟੈਂਡ ਦੀ ਪੁਸ਼ਟੀ ਕਰਦਿਆਂ ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਖਰੜਾ ਨੀਤੀ ਦਾ ਡੂੰਘਾਈ ਨਾਲ ਅਧਿਐਨ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ  ਇਸ ਦੀ ਇੱਕ ਵੀ ਨੁਕਤਾ ਵਿਚਾਰ ਖੁਣੋਂ ਨਾ ਰਹਿ ਜਾਵੇ, ਜੋ ਕਿਸਾਨਾਂ ਲਈ ਭਵਿੱਖ ਵਿੱਚ ਮਹਿੰਗਾ ਸਾਬਤ ਹੋਵੇ।

ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਮੰਡੀ ਬੋਰਡ ਵਿਸ਼ੇਸ਼ ਕਰਕੇ ਸੂਬੇ ਦੇ ਖੇਤੀ ਮੰਡੀਕਰਨ ਢਾਂਚੇ ਦੀ ਮਜ਼ਬੂਤੀ ਲਈ ਘੱਟੋ-ਘੱਟ ਸਮਰਥਨ ਮੁੱਲ, ਮੰਡੀ ਫੀਸ ਵਰਗੇ ਮੁੱਦਿਆਂ ‘ਤੇ ਵਿਸ਼ੇਸ਼ ਧਿਆਨ ਦੇਣ ਦੇ ਨਾਲ-ਨਾਲ ਵੱਡੇ ਕਾਰਪੋਰੇਟਾਂ ਤੋਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਵੀ ਕਿਹਾ।

ਇਸ ਉੱਚ ਪੱਧਰੀ ਮੀਟਿੰਗ ਵਿੱਚ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਸ੍ਰੀ ਜਸਵੰਤ ਸਿੰਘ, ਆਰਥਿਕ ਅਤੇ ਸਮਾਜ ਸ਼ਾਸਤਰ (ਪੀ.ਏ.ਯੂ.) ਵਿਭਾਗ ਦੇ ਮੁਖੀ ਡਾ. ਜਤਿੰਦਰ ਮੋਹਨ ਸਿੰਘ ਅਤੇ ਪੰਜਾਬ ਮੰਡੀ ਬੋਰਡ ਤੇ ਖੇਤੀਬਾੜੀ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *