ਆਬਕਾਰੀ ਵਿਭਾਗ ਨੇ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ਼ ਸ਼ਰਾਬ ਬਣਾਉਣ ਦੀਆਂ ਗਤੀਵਿਧੀਆਂ ‘ਤੇ ਕੱਸਿਆ ਸ਼ਿਕੰਜਾ

ਆਗਾਮੀ ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ ਲਗਾਏ ਗਏ ਆਦਰਸ਼ ਚੋਣ ਜ਼ਾਬਤੇ ਦੌਰਾਨ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ਼ ਸ਼ਰਾਬ ਬਣਾਉਣ ਸਬੰਧੀ ਗਤੀਵਿਧੀਆਂ ‘ਤੇ ਪੂਰੀ ਤਰ੍ਹਾਂ ਕਾਬੂ ਪਾ ਕੇ ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਆਬਕਾਰੀ ਵਿਭਾਗ, ਪੰਜਾਬ ਵੱਲੋਂ ਸ਼ੁਰੂ ਕੀਤੀ ਮੁਹਿੰਮ ਦੌਰਾਨ ਆਬਕਾਰੀ ਤੇ ਕਰ ਕਮਿਸ਼ਨਰ, ਪੰਜਾਬ ਵਰੁਣ ਰੂਜ਼ਮ ਦੀ ਯੋਗ ਅਗਵਾਈ ਹੇਠ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਨੇ ਉੱਚ ਅਧਿਕਾਰੀਆਂ ਦੀ ਟੀਮ ਨਾਲ ਸਹਾਇਕ ਕਮਿਸ਼ਨਰ (ਆਬਕਾਰੀ) ਪਟਿਆਲਾ ਦੇ ਦਫ਼ਤਰ, ਪਟਿਆਲਾ ਦੀ ਇੱਕ ਬੀਅਰ ਨਿਰਮਾਣ ਯੂਨਿਟ ਅਤੇ ਮੋਹਾਲੀ ਦੇ ਇੱਕ ਸ਼ਰਾਬ ਥੋਕ ਡਿਸਟੀਬਿਊਟਰ ਦੀ ਅਚਨਚੇਤ ਚੈਕਿੰਗ ਕੀਤੀ।
ਉਨ੍ਹਾਂ ਨੇ ਚੰਡੀਗੜ੍ਹ-ਅੰਬਾਲਾ ਕੌਮੀ ਮਾਰਗ ’ਤੇ ਝਰਮੜੀ ਬੈਰੀਅਰ ’ਤੇ ਸਥਿਤ ਅੰਤਰਰਾਜੀ ਨਾਕਿਆਂ ਦੀ ਵੀ ਚੈਕਿੰਗ ਕੀਤੀ। ਸਹਾਇਕ ਕਮਿਸ਼ਨਰ (ਆਬਕਾਰੀ) ਪਟਿਆਲਾ ਦੇ ਦਫ਼ਤਰ ਵਿਖੇ ਕੀਤੀ ਚੈਕਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਮੂਹ ਆਬਕਾਰੀ ਅਦਾਰਿਆਂ ‘ਤੇ ਸਖ਼ਤ ਨਜ਼ਰ ਰੱਖੀ ਜਾਵੇ ਅਤੇ ਆਉਣ ਵਾਲੇ ਦਿਨਾਂ ਦੌਰਾਨ ਸ਼ਰਾਬ ਦੀ ਕੋਈ ਵੀ ਨਜਾਇਜ਼ ਵਿਕਰੀ ਨਾ ਹੋਣ ਦਿੱਤੀ ਜਾਵੇ। ਸ਼ਰਾਬ ਨਿਰਮਾਣ ਯੂਨਿਟ ਮੈਸਰਜ਼ ਅਮਾਰਾ ਬਰੂਅਰੀ ਪ੍ਰਾਈਵੇਟ ਲਿਮਟਿਡ ਪਟਿਆਲਾ ਦੀ ਅਚਨਚੇਤ ਚੈਕਿੰਗ ਦੌਰਾਨ ਉਨ੍ਹਾਂ ਨੇ ਉਤਪਾਦਨ ਅਤੇ ਡਿਸਪੈਚ ਦੇ ਰਿਕਾਰਡਾਂ ਦੀ ਜਾਂਚ ਕੀਤੀ। ਉਨ੍ਹਾਂ ਨੇ ਸ਼ਰਾਬ ਦੇ ਪ੍ਰਵਾਹ ‘ਤੇ ਤਕਨੀਕੀ ਕੰਟਰੋਲ ਰੱਖਣ ਲਈ ਸਾਰੀਆਂ ਸ਼ਰਾਬ ਨਿਰਮਾਣ ਇਕਾਈਆਂ ‘ਤੇ ਲਗਾਏ ਗਏ ਸੀਸੀਟੀਵੀ ਕੈਮਰਿਆਂ ਅਤੇ ਬੂਮ ਬੈਰੀਅਰਾਂ ਦੇ ਕੰਮਕਾਜ ਦੀ ਵੀ ਚੈਕਿੰਗ ਕੀਤੀ। ਇਸੇ ਤਰ੍ਹਾਂ ਥੋਕ ਡਿਸਟੀਬਿਊਟਰ ਮੈਸਰਜ਼ ਵਿਸ਼ਾਲ ਐਂਟਰਪ੍ਰਾਈਜ਼, ਜੇ.ਐਲ.ਪੀ.ਐਲ. ਇੰਡਸਟਰੀਅਲ ਏਰੀਆ ਸੈਕਟਰ 82, ਮੋਹਾਲੀ ਵਿਖੇ ਵੀ ਸੀਸੀਟੀਵੀ ਲਗਾਉਣ ਅਤੇ ਇਹਨਾਂ ਦੇ ਕੰਮਕਾਜ ਦੀ ਚੈਕਿੰਗ ਕੀਤੀ ਗਈ।
ਚੈਕਿੰਗ ਦੌਰਾਨ ਡਿਸਟੀਬਿਊਟਰ ਵੱਲੋਂ ਰੱਖੇ ਰਿਕਾਰਡ ਦੀ ਵੀ ਜਾਂਚ ਕੀਤੀ ਗਈ। ਆਬਕਾਰੀ ਕਮਿਸ਼ਨਰ ਪੰਜਾਬ ਨੇ ਕਿਹਾ ਕਿ ਹਾਲ ਹੀ ਵਿੱਚ ਬੋਟਲਿੰਗ ਪਲਾਂਟ ਮੈਸਰਜ਼ ਬੋਰਿਸ਼ ਇੰਡਸਟਰੀਜ਼ ਪ੍ਰਾਈਵੇਟ ਲਿ., ਪਿੰਡ ਬੇਹੜਾ ਤਹਿਸੀਲ ਡੇਰਾਬਸੀ ਜ਼ਿਲ੍ਹਾ ਐਸ.ਏ.ਐਸ.ਨਗਰ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਿਸ ਦੌਰਾਨ ਪਾਇਆ ਗਿਆ ਕਿ ਇਸ ਪਲਾਂਟ ਵੱਲੋਂ ਪੰਜਾਬ ਆਬਕਾਰੀ ਐਕਟ, 1914 ਦੀਆਂ ਵੱਖ-ਵੱਖ ਧਾਰਾਵਾਂ ਦੀ ਉਲੰਘਣਾ ਕੀਤੀ ਗਈ ਹੈ, ਜਿਸ ਉਪਰੰਤ ਵਿਭਾਗ ਵੱਲੋਂ ਉਕਤ ਬੋਟਲਿੰਗ ਪਲਾਂਟ ਦਾ ਲਾਇਸੈਂਸ 15 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ।
ਅੱਜ ਦੀ ਚੈਕਿੰਗ ਦੌਰਾਨ ਉਨ੍ਹਾਂ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ‘ਤੇ ਪੂਰੀ ਤਰ੍ਹਾਂ ਨਕੇਲ ਕੱਸਦਿਆਂ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ।
ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ), ਪੰਜਾਬ ਵਿਕਾਸ ਪ੍ਰਤਾਪ ਅਤੇ ਆਬਕਾਰੀ ਤੇ ਕਰ ਕਮਿਸ਼ਨਰ, ਪੰਜਾਬ ਵਰੁਣ ਰੂਜ਼ਮ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ  ਆਬਕਾਰੀ ਵਿਭਾਗ ਵੱਲੋਂ ਸ਼ਰਾਬ ਦੀ ਤਸਕਰੀ, ਈ.ਐਨ.ਏ. ਦੀ ਤਸਕਰੀ ਅਤੇ ਆਬਕਾਰੀ ਨਾਲ ਸਬੰਧਤ ਹੋਰ ਅਪਰਾਧਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਸਿਰਫ਼ ਆਦਰਸ਼ ਚੋਣ ਜ਼ਾਬਤਾ ਦੇ ਸਮੇਂ ਦੌਰਾਨ ਹੀ, ਆਬਕਾਰੀ ਵਿਭਾਗ ਨੇ ਲਗਭਗ 1229 ਐਫ.ਆਈ.ਆਰਜ਼ ਦਰਜ ਕੀਤੀਆਂ ਹਨ ਅਤੇ 1064 ਗ੍ਰਿਫਤਾਰੀਆਂ ਕੀਤੀਆਂ ਹਨ, 19557 ਲੀਟਰ ਨਾਜਾਇਜ਼ ਸ਼ਰਾਬ ਫੜੀ ਗਈ ਹੈ, 3787283 ਲੀਟਰ ਲਾਹਣ ਬਰਾਮਦ ਕਰਕੇ ਨਸ਼ਟ ਕੀਤਾ ਗਿਆ ਹੈ, ਪੀ.ਐੱਮ.ਐੱਲ./ਆਈ.ਐੱਮ.ਐੱਫ.ਐੱਲ./ਬੀਅਰ ਦੀਆਂ 111709 ਬੋਤਲਾਂ ਜ਼ਬਤ ਕੀਤੀਆਂ ਹਨ। ਇਸ ਜ਼ਬਤੀ ਦੀ ਅਨੁਮਾਨਿਤ ਕੀਮਤ 25.71 ਕਰੋੜ ਰੁਪਏ ਹੈ। ਆਬਕਾਰੀ ਵਿਭਾਗ ਨੇ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ਵਿੱਚ ਸ਼ਾਮਲ ਲਾਇਸੰਸਧਾਰਕਾਂ ‘ਤੇ ਵੀ ਨਕੇਲ ਕਸੀ ਗਈ ਹੈ। 
ਕਈ ਮਾਮਲਿਆਂ ਵਿੱਚ ਇਨ੍ਹਾਂ ਉਲੰਘਣਾ ਵਿੱਚ ਸ਼ਾਮਲ ਲਾਇਸੰਸਧਾਰਕਾਂ ਦੇ ਠੇਕਿਆਂ ਨੂੰ ਬੰਦ ਕੀਤਾ ਗਿਆ ਹੈ। ਆਬਕਾਰੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸੂਬੇ ਵਿੱਚ ਸ਼ਰਾਬ ਦੇ ਪ੍ਰਵਾਹ ‘ਤੇ ਪੈਣੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਆਗਾਮੀ ਲੋਕ ਸਭਾ ਚੋਣਾਂ- 2024 ਦੇ ਮੱਦੇਨਜ਼ਰ ਸ਼ਰਾਬ ਦੇ ਗੈਰ-ਕਾਨੂੰਨੀ ਪ੍ਰਵਾਹ ਅਤੇ ਵਿਕਰੀ ਨੂੰ ਰੋਕਣ ਲਈ ਸੂਬੇ ਭਰ ਵਿੱਚ 126 ਨਾਕੇ/ਚੈਕਿੰਗ ਪੁਆਇੰਟ ਸਥਾਪਤ ਕੀਤੇ ਗਏ ਹਨ।

Leave a Reply

Your email address will not be published. Required fields are marked *