ਚੰਡੀਗੜ੍ਹ, 20 ਦਸੰਬਰ 2025
ਸੂਬੇ ਦੇ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਅਤੇ ਬਿਹਤਰ ਬਣਾਉਣ ਦੇ ਉਦੇਸ਼ ਤਹਿਤ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਵਿੱਤ ਵਿਭਾਗ ਨੇ ਰਾਸ਼ਟਰੀ ਸਿਹਤ ਮਿਸ਼ਨ (ਐਨ.ਐਚ.ਐਮ.) ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਤਜਵੀਜ਼ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਭਰਤੀ ਮੁਹਿੰਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਪ੍ਰਵਾਨਗੀ ਤਹਿਤ ਏ. ਐਨ.ਐਮ. ਦੀਆਂ ਕੁੱਲ 2,000 ਮਨਜ਼ੂਰਸ਼ੁਦਾ ਅਸਾਮੀਆਂ ‘ਚੋਂ 729 ਖਾਲੀ ਅਸਾਮੀਆਂ ਅਤੇ ਸਟਾਫ ਨਰਸਾਂ ਦੀਆਂ 1896 ਪ੍ਰਵਾਨਿਤ ਅਸਾਮੀਆਂ ‘ਚੋਂ 839 ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਸਟਾਫ ਦੀ ਘਾਟ ਕਾਰਨ ਸਿਹਤ ਸੰਭਾਲ ਸੇਵਾਵਾਂ ਵਿੱਚ ਕੋਈ ਰੁਕਾਵਟ ਨਾ ਆਵੇ ਅਤੇ ਇਸ ਲਈ ਇਨ੍ਹਾਂ ਠੇਕੇ-ਅਧਾਰਤ ਅਸਾਮੀਆਂ ਨੂੰ ਭਰਨ ਨੂੰ ਤਰਜੀਹ ਦਿੱਤੀ ਗਈ ਹੈ।
ਇਸ ਪਹਿਲਕਦਮੀ ਪ੍ਰਤੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਿੱਤੀ ਵਚਨਬੱਧਤਾ ਦਾ ਜ਼ਿਕਰ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਨ੍ਹਾਂ ਭਰਤੀਆ ਨਾਲ ਸਾਲਾਨਾ ਕੁੱਲ 48.88 ਕਰੋੜ ਰੁਪਏ ਦਾ ਵਿੱਤੀ ਪ੍ਰਭਾਵ ਪੈਣ ਦਾ ਅਨੁਮਾਨ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਏ.ਐਨ.ਐਮ.ਦੀਆਂ ਅਸਾਮੀਆਂ ਲਈ ਸਾਲਾਨਾ 18.98 ਕਰੋੜ ਰੁਪਏ ਅਤੇ ਸਟਾਫ ਨਰਸ ਲਈ 29.90 ਕਰੋੜ ਰੁਪਏ ਦਾ ਖਰਚਾ ਸਹਿਣ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪ੍ਰਵਾਨਿਤ ਤਨਖਾਹ ਢਾਂਚੇ ਦੇ ਤਹਿਤ ਏ.ਐਨ.ਐਮਜ਼ ਲਈ 21,700 ਰੁਪਏ ਅਤੇ ਸਟਾਫ ਨਰਸਾਂ ਲਈ 29,700 ਰੁਪਏ ਪ੍ਰਤੀ ਮਹੀਨਾ ਤਨਖਾਹ ਨਿਰਧਾਰਤ ਕੀਤੀ ਗਈ ਹੈ।
ਵਿੱਤ ਮੰਤਰੀ ਚੀਮਾ ਨੇ ਅੱਗੇ ਦੱਸਿਆ ਕਿ ਯੋਗਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਭਰਤੀ ਪ੍ਰਕਿਰਿਆ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਦੁਆਰਾ ਲਿਖਤੀ ਪ੍ਰੀਖਿਆ ਰਾਹੀਂ ਕਰਵਾਉਣ ਦੀ ਤਜਵੀਜ਼ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿੱਤ ਵਿਭਾਗ ਨੇ ਇਹ ਪ੍ਰਵਾਨਗੀ ਇਸ ਸ਼ਰਤ ਤੇ ਦਿੱਤੀ ਹੈ ਕਿ ਸਿਹਤ ਵਿਭਾਗ ਇਨ੍ਹਾਂ ਨਿਯੁਕਤੀਆਂ ਬਾਰੇ ਪ੍ਰਸੋਨਲ ਵਿਭਾਗ ਤੋਂ ਲੋੜੀਂਦੀ ਸਹਿਮਤੀ ਯਕੀਨੀ ਬਣਾਏ।